ਅਮਰੀਕਾ : ਰਾਸ਼ਟਰਪਤੀ ਡੋਨਾਲਡ ਟਰੰਪ (President Donald Trump) ਦੇ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨ ਦੇ ਫ਼ੈਸਲੇ ਨੂੰ ਦੇਸ਼ ਦੀ ਸੰਘੀ ਅਦਾਲਤ ਨੇ ਰੋਕ ਦਿੱਤਾ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ ਅਮਰੀਕਾ ਵਿੱਚ ਰਹਿ ਰਹੇ ਹਜ਼ਾਰਾਂ ਪ੍ਰਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਆਪਣੇ ਫ਼ੈਸਲੇ ਵਿੱਚ ਜੱਜ ਨੇ ਡੋਨਾਲਡ ਟਰੰਪ ਦੇ ਕਾਰਜਕਾਰੀ ਆਦੇਸ਼ ਨੂੰ ‘ਸਪੱਸ਼ਟ ਤੌਰ ‘ਤੇ ਗੈਰ-ਸੰਵਿਧਾਨਕ’ ਕਿਹਾ ਹੈ।
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਸੋਮਵਾਰ ਨੂੰ ਇੱਕ ਕਾਰਜਕਾਰੀ ਆਦੇਸ਼ ਰਾਹੀਂ ਸਵੈਚਲਿਤ ਜਨਮ ਅਧਿਕਾਰ ਨਾਗਰਿਕਤਾ ਦੇ ਅਧਿਕਾਰ ਨੂੰ ਖ਼ਤਮ ਕਰ ਦਿੱਤਾ ਸੀ। ਡੈਮੋਕਰੇਟਿਕ ਦੀ ਅਗਵਾਈ ਵਾਲੇ ਚਾਰ ਰਾਜਾਂ ਵਾਸ਼ਿੰਗਟਨ, ਐਰੀਜ਼ੋਨਾ, ਇਲੀਨੋਇਸ ਅਤੇ ਓਰੇਗਨ ਨੇ ਇਸ ਫ਼ੈਸਲੇ ਖ਼ਿਲਾਫ਼ ਅਦਾਲਤ ਵਿੱਚ ਅਪੀਲ ਕੀਤੀ ਸੀ।
ਸਾਬਕਾ ਰਿਪਬਲਿਕਨ ਰਾਸ਼ਟਰਪਤੀ ਰੋਨਾਲਡ ਰੀਗਨ ਦੁਆਰਾ ਨਿਯੁਕਤ ਸੀਏਟਲ-ਅਧਾਰਤ ਜ਼ਿਲ੍ਹਾ ਜੱਜ ਜੌਹਨ ਕਫਨਰ ਨੇ 14 ਦਿਨਾਂ ਲਈ ਨੀਤੀ ਨੂੰ ਲਾਗੂ ਕਰਨ ਨੂੰ ਰੋਕਣ ਲਈ ਡੈਮੋਕਰੇਟਿਕ-ਅਗਵਾਈ ਵਾਲੇ ਰਾਜਾਂ ਦੀ ਬੇਨਤੀ ਨੂੰ ਮਨਜ਼ੂਰੀ ਦਿੱਤੀ। ਇਸ ਦੇ ਨਾਲ ਹੀ ਫ਼ੈਸਲੇ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਸੀਂ ਯਕੀਨੀ ਤੌਰ ‘ਤੇ ਅਪੀਲ ਕਰਾਂਗੇ।