ਰਾਂਚੀ: ਬਿਹਾਰ ਦੇ ਪੂਰਨੀਆ ਤੋਂ ਆਜ਼ਾਦ ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ ਪੱਪੂ ਯਾਦਵ (Pappu Yadav) ਨੇ ਝਾਰਖੰਡ ਸਰਕਾਰ (The Jharkhand Government) ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਦਰਅਸਲ, ਪੱਪੂ ਯਾਦਵ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ‘ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਮੁੱਖ ਮੰਤਰੀ ਸੋਰੇਨ ਨੂੰ ਚਿੱਠੀ ਲਿਖ ਕੇ ਜ਼ੈੱਡ+ ਸੁਰੱਖਿਆ ਦੀ ਮੰਗ ਕੀਤੀ ਹੈ।
ਪੱਪੂ ਯਾਦਵ ਨੇ ਆਪਣੀ ਚਿੱਠੀ ‘ਚ ਕਿਹਾ ਹੈ ਕਿ ਰਾਜਨੀਤਿਕ ਕਾਰਨਾਂ ਕਰਕੇ ਕੇਂਦਰ ਅਤੇ ਬਿਹਾਰ ਸਰਕਾਰ ਉਨ੍ਹਾਂ ਨੂੰ ਸੁਰੱਖਿਆ ਨਹੀਂ ਦੇ ਰਹੀ ਹੈ, ਜਿਸ ਕਾਰਨ ਉਹ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਦੱਸਿਆ ਕਿ 18ਵੀਂ ਲੋਕ ਸਭਾ ਲਈ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ, ਜਿਸ ਕਾਰਨ ਉਹ ਬਹੁਤ ਚਿੰਤਤ ਹਨ।
ਇਸ ਤੋਂ ਪਹਿਲਾਂ ਪੱਪੂ ਯਾਦਵ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਦੀ ਸੁਰੱਖਿਆ ਵਧਾਈ ਜਾਵੇ, ਜਿਸ ਤੋਂ ਬਾਅਦ ਪੂਰਨੀਆ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਸੀ। ਇਸ ਦੇ ਨਾਲ ਹੀ ਪੁਲਿਸ ਦੁਆਰਾ ਧਮਕੀ ਦੇਣ ਵਾਲੇ ਨੂੰ ਵੀ ਪਕੜ ਲਿਆ ਗਿਆ ਸੀ। ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੱਪੂ ਯਾਦਵ ਦੇ ਇਕ ਕਰੀਬੀ ਦੋਸਤ ਨੇ ਵੀ ਉਨ੍ਹਾਂ ਨੂੰ ਬੁਲੇਟ ਪਰੂਫ ਲੈਂਡ ਕਰੂਜ਼ਰ ਤੋਹਫ਼ੇ ਵਜੋਂ ਦਿੱਤੀ ਸੀ।