ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ, ਉਦਯੋਗ ਅਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅੱਜ ਫਤਿਹਗੜ੍ਹ ਸਾਹਿਬ ਪਹੁੰਚੇ। ਉਨ੍ਹਾਂ ਨੇ ਬਚਤ ਭਵਨ ਵਿਖੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦੀ ਨੌਜ਼ਵਾਨੀ ਨੂੰ ਬਰਬਾਦ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਤੋਂ ਨਸ਼ਿਆਂ ਦੇ ਖਾਤਮੇ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ ਅਤੇ ਕਾਲਜਾਂ ਦੇ ਨੌਜ਼ਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀ ਨਸ਼ਿਆਂ ਦਾ ਸ਼ਿਕਾਰ ਨਾ ਹੋਣ।
ਮੰਤਰੀ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਲਈ ਹੈਲਪਲਾਈਨ ਨੰਬਰ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਸਕੇ। ਮੀਟਿੰਗ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਜੰਗ ਦੀ ਸਫਲਤਾ ਲਈ ਅਰਦਾਸ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਪਹਿਲੇ 3 ਸਾਲਾਂ ਵਿੱਚ 6500 ਤੋਂ ਵੱਧ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 2022 ਤੋਂ ਲੈ ਕੇ ਹੁਣ ਤੱਕ 45 ਹਜ਼ਾਰ ਛੋਟੇ ਨਸ਼ਾ ਤਸਕਰਾਂ ਨੂੰ ਵੀ ਫੜਿਆ ਗਿਆ ਹੈ। 30,000 ਤੋਂ ਵੱਧ ਐਨ.ਡੀ.ਪੀ.ਐਸ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਤੇ ਨਸ਼ਾ ਤਸਕਰਾਂ ਦਰਮਿਆਨ ਗਠਜੋੜ ਨੂੰ ਤੋੜਨ ਲਈ 10,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਹੁਣ ਤੱਕ ਸਰਕਾਰ ਨੇ ਨਸ਼ਾ ਤਸਕਰਾਂ ਦੀ 612 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ, ਜਦੋਂ ਕਿ ਪਿਛਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 142 ਕਰੋੜ ਰੁਪਏ ਜ਼ਬਤ ਕੀਤੇ ਸਨ। ਇਸ ਦੇ ਨਾਲ ਹੀ 1128 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ, ਜਦੋਂ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਸਿਰਫ 197 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਆਦਤ ਵਧੀ ਅਤੇ ਉਨ੍ਹਾਂ ਨੇ ਹਰ ਘਰ ਵਿੱਚ ਨਸ਼ਾ ਪਹੁੰਚਾਇਆ। ਪੰਜਾਬ ਸਰਕਾਰ ਨੇ ਪਾਕਿਸਤਾਨ ਤੋਂ ਆਉਣ ਵਾਲੀਆਂ ਨਸ਼ਿਆਂ ਦੀਆਂ ਖੇਪਾਂ ਨੂੰ ਰੋਕਣ ਲਈ ਬੀ.ਐਸ.ਐਫ ਫੋਰਸ ਸਥਾਪਤ ਕਰਨ ਦਾ ਫ਼ੈੈਸਲਾ ਕੀਤਾ ਹੈ। ਅਸੀਂ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਇਸ ਨੈੱਟਵਰਕ ਨੂੰ ਤੋੜਾਂਗੇ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦੇ ਖਾਤਮੇ ਦੀ ਚੁਣੌਤੀ ਬਹੁਤ ਵੱਡੀ ਹੈ ਪਰ ਇਸ ਨੂੰ ਉਦੋਂ ਹੀ ਜਿੱਤਿਆ ਜਾ ਸਕਦਾ ਹੈ ਜਦੋਂ ਹਰ ਅਧਿਕਾਰੀ ਇਸ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝੇ ਅਤੇ ਪੂਰਾ ਸਹਿਯੋਗ ਦੇਵੇ। ਸਰਕਾਰ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰੇਗੀ, ਇਸ ਲਈ ਬਿਨਾਂ ਕਿਸੇ ਡਰ ਜਾਂ ਝਿਜਕ ਦੇ ‘ਨਸ਼ਿਆਂ ਵਿਰੁੱਧ ਜੰਗ’ ਵਿਚ ਸਹਿਯੋਗ ਕਰੋ।
ਇਸ ਤੋਂ ਇਲਾਵਾ ਇਸ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦਾ ਵੀ ਸਹਿਯੋਗ ਲਿਆ ਜਾਵੇ ਅਤੇ ਲੋਕਾਂ ਨੂੰ ਸੁਨੇਹਾ ਦਿੱਤਾ ਜਾਵੇ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਬੇਝਿਜਕ ਮਹਿਸੂਸ ਕਰਨ, ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬਡਿੰਗ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।