ਪੰਜਾਬ : ਪੰਜਾਬ ਵਿੱਚ ਛੇਤੀ ਹੀ ਇੱਕ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਹੋਣ ਜਾ ਰਿਹਾ ਹੈ। ਇਹ ਖੁਸ਼ਖਬਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਅਕਸਰ ਮੰਗ ਕਰਦੇ ਆ ਰਹੇ ਹਨ ਕਿ ਪੰਜਾਬ ਵਿੱਚ ਅੰਤਰਰਾਸ਼ਟਰੀ ਖੇਡ ਮੁਕਾਬਲੇ ਕਰਵਾਏ ਜਾਣ।
ਚੰਡੀਗੜ੍ਹ ਵਿਖੇ ਖਿਡਾਰੀਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਭਾਰਤੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਦਿਲੀਪ ਟਿਰਕੀ ਨਾਲ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਇੱਕ ਅੰਤਰਰਾਸ਼ਟਰੀ ਟੂਰਨਾਮੈਂਟ ਕਰਵਾਉਣ ਦੀ ਬੇਨਤੀ ਕੀਤੀ ਸੀ ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਸਟੇਡੀਅਮ ਵਿੱਚ ਲੈ ਕੇ ਜਾ ਸਕੀਏ ਅਤੇ ਉਨ੍ਹਾਂ ਨੂੰ ਖੇਡ ਵਿੱਚ ਲੈ ਜਾ ਸਕੀਏ। ਉਨ੍ਹਾਂ ਕਿਹਾ ਕਿ ਦਿਲੀਪ ਟਿਰਕੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਇਸ ਸਾਲ ਮਈ ਦੇ ਆਸ ਪਾਸ ਪੰਜਾਬ ਵਿੱਚ ਚਾਰ ਦੇਸ਼ਾਂ ਦਾ ਅੰਡਰ-21 ਹਾਕੀ ਟੂਰਨਾਮੈਂਟ ਕਰਵਾਇਆ ਜਾਵੇਗਾ। ਇਸ ਟੂਰਨਾਮੈਂਟ ਵਿੱਚ ਜਰਮਨੀ, ਆਸਟਰੇਲੀਆ, ਸਪੇਨ ਅਤੇ ਭਾਰਤ ਦੀਆਂ ਟੀਮਾਂ ਹਿੱਸਾ ਲੈਣਗੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦੋਂ ਤੱਕ ਅਸੀਂ ਆਪਣੇ ਮੈਦਾਨਾਂ ਨੂੰ ਅਪਡੇਟ ਕਰਾਂਗੇ, ਕਿਉਂਕਿ ਜਦੋਂ ਤੱਕ ਅੰਤਰਰਾਸ਼ਟਰੀ ਮੁਕਾਬਲੇ ਨਹੀਂ ਹੁੰਦੇ, ਉਦੋਂ ਤੱਕ ਮੈਦਾਨਾਂ ਨੂੰ ਉਸ ਪੱਧਰ ਤੱਕ ਅਪਗ੍ਰੇਡ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਸ਼ੁਰੂ ਤੋਂ ਹੀ ਖੇਡਾਂ ਵਿੱਚ ਅੱਗੇ ਰਹੇ ਹਨ। ਅੱਜ ਵੀ ਸਾਡੇ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਨਾਮਣਾ ਖੱਟ ਰਹੇ ਹਨ। ਉਨ੍ਹਾਂ ਨੇ ਭਾਰਤੀ ਕ੍ਰਿਕਟਰਾਂ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹਰਮਨਪ੍ਰੀਤ ਕੌਰ ਦੀਆਂ ਉਦਾਹਰਣਾਂ ਵੀ ਦਿੱਤੀਆਂ।