ਗੁਰਦਾਸਪੁਰ : ਗੁਰਦਾਸਪੁਰ (Gurdaspur) ‘ਚ ਅੱਜ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੇਹਰਚੰਦ ਰੋਡ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਵੱਡੇ ਗੋਦਾਮ ‘ਚ ਅਚਾਨਕ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਇਸ ਗੋਦਾਮ ਵਿੱਚ ਚਿਪਸ, ਕੋਲਡ ਡਰਿੰਕਸ ਅਤੇ ਹੋਰ ਸਮਾਨ ਸਟੋਰ ਕੀਤਾ ਹੋਇਆ ਸੀ।
ਗੋਦਾਮ ਵਿਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਉੱਠਦੀਆਂ ਦੇਖ ਕੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਥੋੜ੍ਹੀ ਦੇਰ ਬਾਅਦ ਫਾਇਰ ਬ੍ਰਿਗੇਡ ਉੱਥੇ ਪਹੁੰਚ ਗਈ। ਇਸ ਮੌਕੇ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਇਸ ਦੌਰਾਨ ਗੁਰਦਾਸਪੁਰ ਦੇ ਐਸ.ਡੀ.ਐਮ, ਨਗਰ ਕੌਂਸਲ ਦੇ ਚੇਅਰਮੈਨ ਬਲਜੀਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਆਗੂ ਬਾਬਾ ਬਹਿਲ ਵੀ ਮੌਕੇ ‘ਤੇ ਪਹੁੰਚੇ। ਫਾਇਰ ਬ੍ਰਿਗੇਡ ਦੀਆਂ ਟੀਮਾਂ ਅਤੇ ਲੋਕਾਂ ਨੇ ਲੰਬੀ ਜੱਦੋਜਹਿਦ ਨਾਲ ਅੱਗ ‘ਤੇ ਕਾਬੂ ਪਾਇਆ ਪਰ ਗੋਦਾਮ ‘ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ‘ਚ ਅੱਗ ਲੱਗਣ ਦੀਆਂ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।