ਜਲੰਧਰ : ਜਲੰਧਰ ‘ਚ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ਬੀਤੇ ਦੇਰ ਰਾਤ ਹੋਏ ਗ੍ਰੇਨੇਡ ਹਮਲੇ ਦੇ ਬਾਅਦ ਕੈਬਨਿਟ ਮੰਤਰੀ ਮੋਹਿੰਦਰ ਭਗਤ ਉਨ੍ਹਾਂ ਦੇ ਘਰ ਪਹੁੰਚੇ। ਮਨੋਰੰਜਨ ਕਾਲੀਆ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਉਹ ਮਨੋਰੰਜਨ ਕਾਲੀਆ ਦਾ ਹਾਲ ਚਾਲ ਜਾਣਨ ਲਈ ਆਏ ਹਨ ਤੇ ਉਨ੍ਹਾਂ ਦਾ ਨਾਲ ਚੰਗੇ ਮਾਹੌਲ ‘ਚ ਗੱਲਬਾਤ ਵੀ ਹੋਈ ਹੈ। ਪੁਲਿਸ ਆਪਣਾ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਵਿੱਚ ਅਜਿਹੀਆਂ ਹਰਕਤਾਂ ਲਾਰੈਂਸ ਬਿਸ਼ਨੋਈ ਵੱਲੋਂ ਪਾਕਿਸਤਾਨ ਦੇ ਸਹਿਯੋਗ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੂਰੀ ਸੁਰੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਤੋਂ ਲੁਕਿਆ ਨਹੀਂ ਹੈ ਕਿ ਲਾਰੈਂਸ ਦੇ ਪਾਕਿਸਤਾਨੀਆਂ ਨਾਲ ਕਿਸ ਤਰ੍ਹਾਂ ਦੇ ਸਬੰਧ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਦੇ ਮੁਆਫ ਨਹੀਂ ਕਰੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਪੰਜਾਬ ਪੁਲਿਸ ਛੇਤੀ ਹੀ ਇਸ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਵੇਗੀ।