ਚੰਡੀਗੜ੍ਹ: ਹਰਿਆਣਾ ‘ਚ ਪਿਛਲੇ 2 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਕੁਝ ਥਾਵਾਂ ‘ਤੇ ਗੜੇਮਾਰੀ ਵੀ ਹੋਈ ਹੈ। ਮੀਂਹ ਕਾਰਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ‘ਚ ਗਿਰਾਵਟ ਆਈ ਹੈ। ਮੀਂਹ ਤੋਂ ਪਹਿਲਾਂ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਸੀ ਪਰ ਹੁਣ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 6 ਡਿਗਰੀ ਘਟ ਕੇ 36.4 ਡਿਗਰੀ ਸੈਲਸੀਅਸ ਰਹਿ ਗਿਆ ਹੈ।
ਬੀਤੇ ਦਿਨ ਸਿਰਸਾ ਰਾਜ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਹਰਿਆਣਾ ਦੇ ਜ਼ਿਆਦਾਤਰ ਇਲਾਕਿਆਂ ‘ਚ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵੈਸੇ ਮੌਸਮ ਆਮ ਤੌਰ ‘ਤੇ ਸਾਫ ਰਹੇਗਾ।
ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਖੇਤੀਬਾੜੀ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ. ਮਦਨ ਖਿਚੜ ਅਨੁਸਾਰ ਪੱਛਮੀ ਗੜਬੜੀ ਦੇ ਅੰਸ਼ਕ ਪ੍ਰਭਾਵ ਕਾਰਨ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਦਿਨ ਦੇ ਤਾਪਮਾਨ ‘ਚ ਥੋੜ੍ਹੀ ਗਿਰਾਵਟ ਆਉਣ ਦੀ ਸੰਭਾਵਨਾ ਹੈ।