ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਹਥਿਆਰਾਂ ਦੇ ਤਸਕਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੀ ਸੀ.ਆਈ.ਏ ਟੀਮ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਪੁਲਿਸ ਨੇ 5 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਹਨ।
ਜਾਂਚ ਦੌਰਾਨ ਪਤਾ ਲੱਗਿਆ ਕਿ ਮੁਲਜ਼ਮਾਂ ਨੇ ਇਹ ਹਥਿਆਰ ਪਾਕਿਸਤਾਨ ਤੋਂ ਮੰਗਵਾਏ ਸਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜੋਧਬੀਰ ਸਿੰਘ ਵਾਸੀ ਨੌਸ਼ਹਿਰਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਡੀਜੀਪੀ ਪੰਜਾਬ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਹੈ ਕਿ ਪੁਲਿਸ ਟੀਮ ਨੂੰ ਮੁਲਜ਼ਮ ਬਾਰੇ ਗੁਪਤ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਜੋਧਬੀਰ ‘ਤੇ ਸ਼ਿਕੰਜਾ ਕੱਸ ਲਿਆ ਅਤੇ ਹਥਿਆਰਾਂ ਦਾ ਭੰਡਾਰ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ। ਫਿਲਹਾਲ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਇਹ ਹਥਿਆਰ ਕਿਸ ਮਕਸਦ ਲਈ ਮੰਗਵਾਏ ਸਨ ਅਤੇ ਉਸ ਨਾਲ ਇਸ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।