ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦਰਮਿਆਨ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ 22 ਅਪ੍ਰੈਲ 2025 ਨੂੰ ਹੋਏ ਅੱਤਵਾਦੀ ਹਮਲੇ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਗੁੰਝਲਦਾਰ ਬਣਾ ਦਿੱਤਾ ਹੈ। ਇਸ ਹਮਲੇ ‘ਚ 26 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ‘ਚ ਜ਼ਿਆਦਾਤਰ ਹਿੰਦੂ ਸੈਲਾਨੀ ਸਨ। ਹਮਲਾਵਰਾਂ ਨੇ ਪੀੜਤਾਂ ਨੂੰ ਉਨ੍ਹਾਂ ਦੇ ਧਰਮ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਧਰਮ ਦੇ ਅਧਾਰ ‘ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਅੱਤਵਾਦੀ ਸੰਗਠਨ ‘ਦਿ ਰੈਜ਼ੀਸਟੈਂਸ ਫਰੰਟ’ (ਟੀ.ਆਰ.ਐੱਫ.) ਨੇ ਪਹਿਲਾਂ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਪਰ ਬਾਅਦ ‘ਚ ਇਸ ਤੋਂ ਇਨਕਾਰ ਕਰ ਦਿੱਤਾ। ਭਾਰਤ ਨੇ ਪਾਕਿਸਤਾਨ ‘ਤੇ ਹਮਲੇ ‘ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਹੈ ਕਿਉਂਕਿ ਟੀ.ਆਰ.ਐਫ. ਦੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸਬੰਧ ਹਨ।
ਇਸ ਹਮਲੇ ਤੋਂ ਬਾਅਦ ਭਾਰਤ ਨੇ ਸਿੰਧੂ ਜਲ ਸਮਝੌਤੇ ਨੂੰ ਰੱਦ ਕਰ ਦਿੱਤਾ , ਪਾਕਿਸਤਾਨ ਤੋਂ ਡਿਪਲੋਮੈਟਾਂ ਨੂੰ ਕੱਢ ਦਿੱਤਾ , ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਅਤੇ ਸਰਹੱਦ ਬੰਦ ਕਰ ਦਿੱਤੀ ਸੀ। ਪਾਕਿਸਤਾਨ ਨੇ ਵਪਾਰ ਪਾਬੰਦੀਆਂ ਲਗਾ ਕੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ, ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ ਅਤੇ ਸ਼ਿਮਲਾ ਸਮਝੌਤੇ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਤੀਜੇ ਵਜੋਂ ਦੋਵਾਂ ਦੇਸ਼ਾਂ ਵਿਚਾਲੇ ਸਰਹੱਦੀ ਝੜਪਾਂ ਹੋਈਆਂ।
ਇਸ ਦੌਰਾਨ ਭਾਰਤ ਦੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪਾਕਿਸਤਾਨ ਨੂੰ ਧਮਕੀ ਦਿੱਤੀ ਹੈ। ਉਸ ਦੇ ਗਿਰੋਹ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕੀਤਾ ਜਿਸ ਵਿੱਚ ਕਿਹਾ ਗਿਆ ਕਿ “ਤੁਸੀਂ ਸਾਡੇ ਬੇਕਸੂਰ ਲੋਕਾਂ ਨੂੰ ਮਾਰਿਆਂ ਹੈ , ਅਸੀਂ ਹੁਣ ਪਾਕਿਸਤਾਨ ‘ਚ ਦਾਖਲ ਹੋ ਕੇ ਇਕ ਅਜਿਹਾ ਵਿਅਕਤੀ ਮਾਰਾਂਗੇ ਜੋ ਇਕ ਲੱਖ ਦੇ ਬਰਾਬਰ ਹੋਵੇਗਾ ।” ਗਿਰੋਹ ਨੇ ਲਸ਼ਕਰ-ਏ-ਤੋਇਬਾ ਦੇ ਮੁਖੀ ਹਾਫਿਜ਼ ਸਈਦ ਦੀ ਤਸਵੀਰ ਦੇ ਨਾਲ ਇਹ ਸੰਦੇਸ਼ ਜਾਰੀ ਕੀਤਾ ਸੀ, ਜਿਸ ਤੋਂ ਸੰਕੇਤ ਮਿਲਦਾ ਹੈ ਕਿ ਉਨ੍ਹਾਂ ਦਾ ਨਿਸ਼ਾਨਾ ਹਾਫਿਜ਼ ਸਈਦ ਹੋ ਸਕਦਾ ਹੈ।