ਉੱਤਰਾਖੰਡ : ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਗੰਗਾਨੀ ਨੇੜੇ ਇਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉੱਤਰਕਾਸ਼ੀ ਪੁਲਿਸ ਦੇ ਅਨੁਸਾਰ, ਇਹ ਹਾਦਸਾ ਸਵੇਰੇ 8:45 ਵਜੇ ਰਿਸ਼ੀਕੇਸ਼-ਗੰਗੋਤਰੀ ਰਾਸ਼ਟਰੀ ਰਾਜਮਾਰਗ ‘ਤੇ ਹੋਇਆ। ਪੁਲਿਸ ਨੇ ਦੱਸਿਆ ਕਿ ‘ਏਰੋਟ੍ਰਾਂਸ ਸਰਵਿ ਸਿਜ਼ ਪ੍ਰਾਈਵੇਟ ਲਿਮਟਿਡ’ ਦੇ ਇਸ ਹੈਲੀਕਾਪਟਰ ਵਿੱਚ ਪਾਇਲਟ ਸਮੇਤ ਕੁੱਲ ਸੱਤ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਪੰਜ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਸ਼ਧ੍ਰਢ) ਨੇ ਦੱਸਿਆ ਕਿ ਹੈਲੀਕਾਪਟਰ ਦੇਹਰਾਦੂਨ ਦੇ ਸਹਸਤਧਾਰਾ ਹੈਲੀਪੈਡ ਤੋਂ ਯਮੁਨੋਤਰੀ ਦੇ ਖਰਸਲੀ ਹੈਲੀਪੈਡ ਲਈ ਰਵਾਨਾ ਹੋਇਆ ਸੀ, ਜਿਸਦਾ ਪਾਇਲਟ ਕੈਪਟਨ ਰੌਬਿਨ ਸਿੰਘ ਸੀ। ਸ਼ਧ੍ਰਢ ਦੇ ਅਨੁਸਾਰ, ਹੈਲੀਕਾਪਟਰ 200-250 ਮੀਟਰ ਡੂੰਘੀ ਖੱਡ ਵਿੱਚ ਡਿੱਗਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਿਆ। ਮੁੱਢਲੀ ਜਾਣਕਾਰੀ ਦੇ ਅਨੁਸਾਰ, ਹੈਲੀਕਾਪਟਰ ਵਿੱਚ ਸਵਾਰ ਚਾਰ ਲੋਕ ਮੁੰਬਈ ਦੇ ਅਤੇ ਦੋ ਹੋਰ ਆਂਧਰਾ ਪ੍ਰਦੇਸ਼ ਦੇ ਦੱਸੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰਦਿਆਂ ਕਿਹਾ, “ਉੱਤਰਾਕਾਸ਼ੀ ਦੇ ਗੰਗਾਨੀ ਨੇੜੇ ਇਕ ਹੈਲੀਕਾਪਟਰ ਹਾਦਸੇ ਵਿੱਚ ਕੁਝ ਲੋਕਾਂ ਦੇ ਮਾਰੇ ਜਾਣ ਬਾਰੇ ਬਹੁਤ ਦੁਖਦਾਈ ਖ਼ਬਰ ਮਿਲੀ ਹੈ। ਐਸ.ਡੀ.ਆਰ.ਐਫ. ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਲਈ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਹਨ।” ਉਨ੍ਹਾਂ ਕਿਹਾ, “ਪ੍ਰਮਾਤਮਾ ਹਾਦਸੇ ਵਿੱਚ ਮਰਨ ਵਾਲਿਆਂ ਦੀਆਂ ਆਤਮਾਵਾਂ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ।” ਧਾਮੀ ਨੇ ਕਿਹਾ, “ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਅਤੇ ਹਾਦਸੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੈਂ ਇਸ ਸਬੰਧ ਵਿੱਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ ਅਤੇ ਹਰ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।”