ਜਲੰਧਰ: ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਹੀ ਵਿਧਾਇਕ ਰਮਨ ਅਰੋੜਾ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਤੋਂ ਬਾਅਦ ‘ਆਪ’ ਵਿਧਾਇਕ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਦਮ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦਰਸਾਉਂਦਾ ਹੈ।
ਸੂਤਰਾਂ ਅਨੁਸਾਰ ਰਮਨ ਅਰੋੜਾ ‘ਤੇ ਜਲੰਧਰ ਨਗਰ ਨਿਗਮ ਦੇ ਕੁਝ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਆਮ ਨਾਗਰਿਕਾਂ ਨੂੰ ਝੂਠੇ ਨੋਟਿਸ ਭੇਜਣ ਦਾ ਦੋਸ਼ ਲਗਾਏ ਗਏ ਹਨ। ਇਨ੍ਹਾਂ ਨੋਟਿਸਾਂ ਰਾਹੀਂ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਗਿਆ ਅਤੇ ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰਫ਼ਾ-ਦਫ਼ਾ ਕਰਵਾ ਦਿੰਦਾ ਸੀ। ਇਹ ਪੂਰਾ ਰੈਕੇਟ ਨਗਰ ਨਿਗਮ ਪ੍ਰਕਿਰਿਆ ਦੀ ਦੁਰਵਰਤੋਂ ਕਰ ਰਿਹਾ ਸੀ, ਜਿਸ ਵਿੱਚ ਮਾਸੂਮ ਲੋਕ ਮਾਨਸਿਕ ਅਤੇ ਵਿੱਤੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਸਨ। ਜਿਸ ਦੇ ਸਬੰਧ ਵਿੱਚ ਬਹੁਤ ਸਾਰੀਆਂ ਸ਼ਿਕਾਇਤਾਂ ਮਾਨਯੋਗ ਸਰਕਾਰ ਤੱਕ ਪਹੁੰਚੀਆਂ ਸਨ, ਜਿਸ ਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕੀਤੀ। ਅੱਜ ਰਮਨ ਅਰੋੜਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਮਾਰੇ ਗਏ ਛਾਪਿਆਂ ਵਿੱਚ, ਬਹੁਤ ਸਾਰੇ ਮਹੱਤਵਪੂਰਨ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਸਬੂਤ ਬਰਾਮਦ ਕੀਤੇ ਗਏ ਹਨ, ਜੋ ਭ੍ਰਿਸ਼ਟਾਚਾਰ ਦੇ ਇਸ ਨੈੱਟਵਰਕ ਦੀ ਪੁਸ਼ਟੀ ਕਰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਅਹੁਦੇ ‘ਤੇ ਹੋਵੇ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।