ਚੰਡੀਗੜ੍ਹ: ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਸੰਗਰੂਰ ਵਿੱਚ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ 8 ਮਨਰੇਗਾ ਮਜ਼ਦੂਰਾਂ ਦੀ ਮੌਤ ਦੇ ਮਾਮਲੇ ਦਾ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਦੇ ਮੈਂਬਰ ਜਸਟਿਸ ਗੁਰਬੀਰ ਸਿੰਘ ਅਤੇ ਜਤਿੰਦਰ ਸਿੰਘ ਸ਼ਾਂਤੀ ਦੀ ਬੈਂਚ ਨੇ ਖ਼ੁਦ ਕਾਰਵਾਈ ਕਰਦਿਆਂ ਐੱਸ.ਐੱਸ.ਪੀ. ਸੰਗਰੂਰ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ। ਸ਼ਿਕਾਇਤ ’ਤੇ ਸੁਣਵਾਈ ਕਰਦਿਆਂ ਕਮਿਸ਼ਨ ਨੇ ਐੱਸ.ਐੱਸ.ਪੀ. ਨੂੰ ਅਗਲੀ ਸੁਣਵਾਈ ਤੋਂ ਇੱਕ ਹਫ਼ਤਾ ਪਹਿਲਾਂ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਡੀ.ਸੀ ਸੰਗਰੂਰ ਤੋਂ ਇਹ ਵੀ ਪੁੱਛਿਆ ਗਿਆ ਹੈ ਕਿ ਜਦੋਂ ਮਨਰੇਗਾ ਮਜ਼ਦੂਰ ਸੜਕ ’ਤੇ ਕੰਮ ਕਰ ਰਹੇ ਸਨ, ਤਾਂ ਉਨ੍ਹਾਂ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ ਜਾਂ ਨਹੀਂ। ਜ਼ਿਕਰਯੋਗ ਹੈ ਕਿ ਅਲੀਸ਼ੇਰ ਪਿੰਡ ਦੇ ਮਨਰੇਗਾ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ਵਿੱਚ 8 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 12 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦਾ ਸੰਗਰੂਰ ਦੇ ਸਿਵਲ ਹਸਪਤਾਲ ਦੇ ਨਾਲ-ਨਾਲ ਪਟਿਆਲਾ ਅਤੇ ਲਹਿਰਾਗਾਗਾ ਦੇ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਡਰਾਈਵਰ ਪਰਗਟ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਪਿੰਡ ਰਾਇਧਰਾਣਾ ਦਾ ਰਹਿਣ ਵਾਲਾ ਹੈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਸੀ ਕਿ ਹਾਦਸੇ ਤੋਂ ਬਾਅਦ ਐਂਬੂਲੈਂਸ ਦੀ ਉਡੀਕ ਕਰਨ ਕਾਰਨ ਜ਼ਖ਼ਮੀਆਂ ਨੂੰ ਸਮੇਂ ਸਿਰ ਮਦਦ ਨਹੀਂ ਮਿਲ ਸਕੀ। ਕਮਿਸ਼ਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਬੰਧਤ ਅਧਿਕਾਰੀਆਂ ਤੋਂ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ।






