ਲਖਨਊ: ਉੱਤਰ ਪ੍ਰਦੇਸ਼ ਵਿੱਚ 11,508 ਸਹਾਇਕ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਦੌਰਾਨ ਸਿੱਖਿਆ ਮਿੱਤਰਾਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਯੋਗੀ ਸਰਕਾਰ ਨੇ ਇਨ੍ਹਾਂ ਉਮੀਦਵਾਰਾਂ ਨੂੰ ਉਮਰ ਹੱਦ ਵਿੱਚ ਛੋਟ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਫੈਸਲੇ ਨਾਲ ਸੂਬੇ ਦੇ ਪਰਿਸ਼ਦੀ ਸਕੂਲਾਂ ਵਿੱਚ ਕੰਮ ਕਰ ਰਹੇ ਲਗਭਗ 1.43 ਲੱਖ ਸਿੱਖਿਆ ਮਿੱਤਰਾਂ ਨੂੰ ਫਾਇਦਾ ਮਿਲ ਸਕਦਾ ਹੈ।
ਫਿਲਹਾਲ ਇਸ ਭਰਤੀ ਲਈ ਆਮ ਉਮੀਦਵਾਰਾਂ ਦੀ ਉਮਰ ਹੱਦ 1 ਜੁਲਾਈ ਦੇ ਆਧਾਰ ’ਤੇ 21 ਤੋਂ 40 ਸਾਲ ਤੈਅ ਕੀਤੀ ਗਈ ਹੈ। ਮੁੱਢਲੀ ਅਤੇ ਮਾਧਿਮਿਕ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਪਾਰਥ ਸਾਰਥੀ ਸੇਨ ਸ਼ਰਮਾ ਵੱਲੋਂ ਬੇਸਿਕ ਸਿੱਖਿਆ ਪ੍ਰੀਸ਼ਦ ਦੇ ਸਕੱਤਰ ਨੂੰ ਇਸ ਸਬੰਧੀ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ਮੁਤਾਬਕ ਸ਼ਹਿਰੀ ਖੇਤਰਾਂ ਦੀਆਂ 11,508 ਸਹਾਇਕ ਅਧਿਆਪਕਾਂ ਦੀਆਂ ਅਸਾਮੀਆਂ ਲਈ ਚੱਲ ਰਹੀ ਭਰਤੀ ਵਿੱਚ ਸਿੱਖਿਆ ਮਿੱਤਰਾਂ ਨੂੰ ਵੀ ਸ਼ਾਮਲ ਕੀਤਾ ਜਾਵੇ।
ਪਹਿਲਾਂ ਵੀ ਮਿਲ ਚੁੱਕੀ ਹੈ ਛੋਟ
ਸਿੱਖਿਆ ਮਿੱਤਰਾਂ ਨੂੰ ਇਸ ਤੋਂ ਪਹਿਲਾਂ ਵੀ ਅਧਿਆਪਕ ਭਰਤੀਆਂ ਦੌਰਾਨ ਵਾਧੂ ਅੰਕ ਅਤੇ ਉਮਰ ਹੱਦ ਵਿੱਚ ਛੋਟ ਦਿੱਤੀ ਜਾ ਚੁੱਕੀ ਹੈ। 69,000 ਅਧਿਆਪਕਾਂ ਦੀ ਭਰਤੀ ਨਾਲ ਜੁੜੇ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਵੀ ਸਰਕਾਰ ਨੂੰ ਸਿੱਖਿਆ ਮਿੱਤਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਵਿੱਚ ਇੱਕ ਹੋਰ ਮੌਕਾ ਦੇਣ ਬਾਰੇ ਵਿਚਾਰ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਏਡਿਡ ਸਕੂਲਾਂ ਦੀ ਟੀ.ਜੀ.ਟੀ. ਭਰਤੀ ਲਈ TET ਲਾਜ਼ਮੀ
ਦੂਜੇ ਪਾਸੇ, ਉੱਤਰ ਪ੍ਰਦੇਸ਼ ਦੇ ਮਾਨਤਾ ਪ੍ਰਾਪਤ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਮਾਧਿਮਿਕ ਸਕੂਲਾਂ ਵਿੱਚ ਸਹਾਇਕ ਅਧਿਆਪਕਾਂ ਦੀ ਟੀਜੀਟੀ ਭਰਤੀ ਲਈ ਅਧਿਆਪਕ ਯੋਗਤਾ ਪ੍ਰੀਖਿਆ (TET) ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਮਾਧਿਮਿਕ ਸਿੱਖਿਆ ਵਿਭਾਗ ਨੇ ਇਸ ਸਬੰਧੀ ਸੋਧੀਆਂ ਯੋਗਤਾ ਸ਼ਰਤਾਂ ਜਾਰੀ ਕਰਦਿਆਂ ਉੱਤਰ ਪ੍ਰਦੇਸ਼ ਸਿੱਖਿਆ ਸੇਵਾ ਚੋਣ ਕਮਿਸ਼ਨ ਨੂੰ ਇਨ੍ਹਾਂ ਨੂੰ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਲਈ ਕਿਹਾ ਹੈ।
ਨਵੇਂ ਨਿਯਮਾਂ ਅਨੁਸਾਰ ਉਮੀਦਵਾਰ ਕੋਲ ਸਬੰਧਤ ਵਿਸ਼ੇ ਵਿੱਚ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਘੱਟੋ-ਘੱਟ 50 ਫੀਸਦੀ ਅੰਕਾਂ ਨਾਲ ਗ੍ਰੈਜੂਏਸ਼ਨ ਜਾਂ 45 ਫੀਸਦੀ ਅੰਕਾਂ ਨਾਲ ਪੋਸਟ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਐਨ.ਸੀ.ਟੀ.ਈ. ਤੋਂ ਮਾਨਤਾ ਪ੍ਰਾਪਤ ਸੰਸਥਾ ਤੋਂ ਬੀ.ਐੱਡ. ਅਤੇ ਛੇਵੀਂ ਤੋਂ ਅੱਠਵੀਂ ਜਮਾਤ ਲਈ ਕਰਵਾਈ ਜਾਣ ਵਾਲੀ ਉੱਚ ਪ੍ਰਾਇਮਰੀ ਪੱਧਰ ਦੀ TET ਪ੍ਰੀਖਿਆ ਪਾਸ ਕਰਨੀ ਵੀ ਜ਼ਰੂਰੀ ਹੋਵੇਗੀ।






