ਗੁਰਦਾਸਪੁਰ : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਤੈਅ ਕੀਤੇ ਗਏ ਸੰਘਰਸ਼ੀ ਪ੍ਰੋਗਰਾਮ ਤਹਿਤ ਬਿਜਲੀ ਮੁਲਾਜ਼ਮਾਂ ਦੀ ਦੋ ਰੋਜ਼ਾ ਸਮੂਹਿਕ ਛੁੱਟੀ ਅੱਜ ਦੂਜੇ ਦਿਨ ਵੀ ਜਾਰੀ ਰਹੀ। ਇਸ ਕਾਰਨ ਵਿਭਾਗੀ ਦਫ਼ਤਰਾਂ ਅਤੇ ਫੀਲਡ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਲ ਦਫ਼ਤਰ ਗੁਰਦਾਸਪੁਰ ਵਿਖੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ‘ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ’ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਸਾਥੀ ਸਾਹਿਬ ਸਿੰਘ ਧਾਲੀਵਾਲ, ‘ਟੀ.ਐੱਸ.ਯੂ.’ ਦੇ ਸਰਕਲ ਪ੍ਰਧਾਨ ਸਾਥੀ ਸੰਜੀਵ ਸ਼ਰਮਾ ਅਤੇ ‘ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ’ ਦੇ ਪ੍ਰਧਾਨ ਸਾਥੀ ਨਿਰਮਲ ਸਿੰਘ ਬਸਰਾ ਨੇ ਸਾਂਝੇ ਤੌਰ ’ਤੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਅੜੀਅਲ ਨੀਤੀ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਨਾਲ ਮੁਲਾਜ਼ਮ ਆਗੂਆਂ ਦੀ ਹੋਈ ਮੀਟਿੰਗ ਬੇਨਤੀਜਾ ਰਹਿਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਤੋਂ ਵੀ ਟਾਲ-ਮਟੋਲ ਕਰ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਅਤੇ ਮੰਗਾਂ ਦਾ ਜਲਦ ਹੱਲ ਨਾ ਕੀਤਾ, ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮ ਅਣਮਿੱਥੇ ਸਮੇਂ ਲਈ ਸਮੂਹਿਕ ਛੁੱਟੀ ’ਤੇ ਜਾਣ ਲਈ ਮਜਬੂਰ ਹੋਣਗੇ। ਇਸ ਪ੍ਰਦਰਸ਼ਨ ਵਿੱਚ ਰਮਨ ਕੁਮਾਰ, ਰਾਕੇਸ਼ ਕੁਮਾਰ, ਅਨਿਲ ਕੁਮਾਰ ਸ਼ਰਮਾ, ਬਸੰਤ ਕੁਮਾਰ ਕੋੜਾ, ਨਰੇਸ਼ ਕੁਮਾਰ, ਰਣਜੀਤ ਸਿੰਘ, ਬਲਜੀਤ ਸਿੰਘ, ਯੂਸਫ਼ ਮਸੀਹ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਗੂ ਹਾਜ਼ਰ ਸਨ।






