ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਇਨਸਾਫ਼ ਕਮੇਟੀ ਦਾ ਧਰਨਾ ਲਗਾਤਾਰ ਜਾਰੀ ਹੈ। ਅੱਜ 28 ਅਕਤੂਬਰ ਨੂੰ ਧਰਨੇ ਦਾ 16ਵਾਂ ਦਿਨ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਅਪੀਲ ’ਤੇ ਪੰਜਾਬ ਭਰ ਦੇ ਗੁਰਦੁਆਰਿਆਂ ਵਿੱਚ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਕੀਤੀ ਜਾਵੇਗੀ।
ਇਨਸਾਫ਼ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਨੂੰ ਲੈ ਕੇ ਅਰਦਾਸ ਦੀ ਅਪੀਲ ਕਰਨ ਲਈ ਧੰਨਵਾਦ ਕੀਤਾ ਹੈ। ਕਮੇਟੀ ਦਾ ਕਹਿਣਾ ਹੈ ਕਿ ਅਰਦਾਸ ਉਪਰੰਤ ਸੰਘਰਸ਼ ਦੀ ਅਗਲੀ ਰਣਨੀਤੀ ਅਤੇ ਭਵਿੱਖ ਦੇ ਕਦਮਾਂ ਬਾਰੇ ਐਲਾਨ ਕੀਤਾ ਜਾਵੇਗਾ।
ਸੀ.ਬੀ.ਆਈ. ਨੇ ਜਾਂਚ ਕੀਤੀ ਤੇਜ਼
ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦੀ ਜਾਂਚ ਹੁਣ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਕੀਤੀ ਜਾ ਰਹੀ ਹੈ। ਏਜੰਸੀ ਨੇ ਇਸ ਸਬੰਧੀ ਨਵੀਂ ਐੱਫਆਈਆਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਪਰਿਵਾਰ ਦੇ ਬਿਆਨ ਦਰਜ ਕਰਨ ਅਤੇ ਮਾਮਲੇ ਨਾਲ ਸਬੰਧਤ ਥਾਵਾਂ ਦੀ ਜਾਂਚ ਕਰਨ ਦੀ ਕਾਰਵਾਈ ਵੀ ਕੀਤੀ ਗਈ ਹੈ।
ਸੋਮਵਾਰ ਨੂੰ ਸੀਬੀਆਈ ਦੀ ਟੀਮ ਨੇ ਮਾਨਸਾ ਦੇ ਵੀਰ ਨਗਰ ਇਲਾਕੇ ਵਿੱਚ ਦੋ ਮੈਡੀਕਲ ਸਟੋਰਾਂ ਦੇ ਗੋਦਾਮਾਂ ਦੀ ਤਲਾਸ਼ੀ ਲਈ। ਜਾਂਚ ਏਜੰਸੀ ਵੱਲੋਂ ਮਾਮਲੇ ਨਾਲ ਜੁੜੇ ਹੋਰ ਟਿਕਾਣਿਆਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਉੱਥੇ ਹੀ, ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।
ਕਿਸਾਨ ਜਥੇਬੰਦੀਆਂ ਨੂੰ ਧਰਨੇ ਵਿੱਚ ਪਹੁੰਚਣ ਦੀ ਅਪੀਲ
ਇਨਸਾਫ਼ ਕਮੇਟੀ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜ ਕੇ ਧਰਨੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ—ਸਾਰੀਆਂ ਜਾਇਜ਼ ਮੰਗਾਂ ਮੰਨੀਆਂ
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਅਤੇ ਇਨਸਾਫ਼ ਕਮੇਟੀ ਦੀਆਂ ਸਾਰੀਆਂ ਜਾਇਜ਼ ਮੰਗਾਂ ਸਵੀਕਾਰ ਕਰ ਲਈਆਂ ਗਈਆਂ ਹਨ। ਦੂਜੇ ਪਾਸੇ, ਕਮੇਟੀ ਦਾ ਦਾਅਵਾ ਹੈ ਕਿ ਉਨ੍ਹਾਂ ਦੀਆਂ ਕੁੱਲ 14 ਮੰਗਾਂ ਵਿੱਚੋਂ ਸਿਰਫ਼ ਦੋ ਮੰਗਾਂ ਸਬੰਧੀ ਹੀ ਕਾਰਵਾਈ ਹੋਈ ਹੈ ਅਤੇ ਲਿਖਤੀ ਪੱਤਰ ਮਿਲੇ ਹਨ।
ਇਨ੍ਹਾਂ ਵਿੱਚ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਅਤੇ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਸਬੰਧੀ ਕਾਰਵਾਈ ਸ਼ਾਮਲ ਹੈ। ਕਮੇਟੀ ਮੁਤਾਬਕ ਬਾਕੀ ਮੰਗਾਂ ਬਾਰੇ ਸਰਕਾਰ ਵੱਲੋਂ ਜ਼ੁਬਾਨੀ ਭਰੋਸਾ ਤਾਂ ਦਿੱਤਾ ਗਿਆ ਹੈ, ਪਰ ਅਜੇ ਤੱਕ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਗਏ।
ਹੁਣ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੀਆਂ ਅਰਦਾਸਾਂ ਤੋਂ ਬਾਅਦ ਇਨਸਾਫ਼ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਅਗਲੇ ਐਲਾਨ ’ਤੇ ਟਿਕੀਆਂ ਹੋਈਆਂ ਹਨ।





