ਤਰਨਤਾਰਨ: ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਇਤਿਹਾਸਕ ਕਸਬੇ ਖਡੂਰ ਸਾਹਿਬ ਵਿੱਚ ਦਿਨ-ਦਿਹਾੜੇ ਕਤਲ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਕੁਝ ਅਣਪਛਾਤੇ ਵਿਅਕਤੀਆਂ ਨੇ 21 ਸਾਲਾ ਨੌਜਵਾਨ ‘ਤੇ ਕਿਰਚ ਨਾਲ ਹਮਲਾ ਕਰਕੇ ਉਸ ਦੀ ਜਾਨ ਲੈ ਲਈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਮ੍ਰਿਤਕ ਦੀ ਪਛਾਣ ਸੁੱਖਕੀਰਤ ਸਿੰਘ (21) ਪੁੱਤਰ ਤਜਿੰਦਰ ਸਿੰਘ, ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁੱਖਕੀਰਤ ਸਿੰਘ ‘ਤੇ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਕਿਰਚ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਜ਼ਖਮੀ ਹਾਲਤ ਵਿੱਚ ਨੌਜਵਾਨ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਮੁੱਢਲੀ ਜਾਣਕਾਰੀ ਅਨੁਸਾਰ ਇਸ ਵਾਰਦਾਤ ਪਿੱਛੇ ਨੌਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ ਕਤਲ ਦੇ ਅਸਲ ਕਾਰਨਾਂ ਬਾਰੇ ਪੁਲਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਇਸ ਮਾਮਲੇ ਸਬੰਧੀ ਡੀਐੱਸਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਕਤਲ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਿਆ ਜਾ ਸਕੇ।






