205 ਭਾਰਤੀਆਂ ਨੂੰ ਲੈ ਕੇ ਦੁਪਹਿਰ ਨੂੰ ਪਹੁੰਚੇਗੀ ਅੰਮ੍ਰਿਤਸਰ

0
82

ਪੰਜਾਬ : ਤਕਰੀਬਨ 200 ਭਾਰਤੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਦੇ ਅੱਜ ਦੁਪਹਿਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਨ ਦੀ ਉਮੀਦ ਹੈ। ਇਸ ਤੋਂ ਪਹਿਲਾਂ ਜਹਾਜ਼ ਦੇ ਸਵੇਰੇ ਉਤਰਨ ਦੀ ਉਮੀਦ ਸੀ। ਜਹਾਜ਼ ਵਿਚ ਸਵਾਰ ਲੋਕਾਂ ਦੇ ਵੇਰਵੇ ਤੁਰੰਤ ਉਪਲਬਧ ਨਹੀਂ ਸਨ। ਰਿਪੋਰਟਾਂ ਮੁਤਾਬਕ ਅਮਰੀਕੀ ਫੌਜੀ ਜਹਾਜ਼ ਸੀ-17 ‘ਚ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ 205 ਗੈਰ-ਕਾਨੂੰਨੀ ਪ੍ਰਵਾਸੀ ਸਵਾਰ ਸਨ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਵਾਸੀਆਂ ਦਾ ਸਵਾਗਤ ਕਰੇਗੀ ਅਤੇ ਹਵਾਈ ਅੱਡੇ ‘ਤੇ ਕਾਊਂਟਰ ਸਥਾਪਤ ਕਰੇਗੀ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕੀ ਸਰਕਾਰ ਦੇ ਫ਼ੈਸਲੇ ‘ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਡਿਪੋਰਟ ਕਰਨ ਦੀ ਬਜਾਏ ਸਥਾਈ ਨਿਵਾਸ ਦਿੱਤਾ ਜਾਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਭਾਰਤੀ ਵਰਕ ਪਰਮਿਟ ‘ਤੇ ਅਮਰੀਕਾ ਵਿਚ ਦਾਖਲ ਹੁੰਦੇ ਹਨ ਅਤੇ ਉਸ ਸਮੇਂ ਤੋਂ ਬਾਅਦ ਗੈਰ-ਕਾਨੂੰਨੀ ਪ੍ਰਵਾਸੀ ਬਣ ਜਾਂਦੇ ਹਨ। ਮੰਤਰੀ ਨੇ ਕਿਹਾ ਕਿ ਉਹ ਅਗਲੇ ਹਫ਼ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨ ਦੀ ਯੋਜਨਾ ਬਣਾ ਰਹੇ ਹਨ ਤਾਂ ਜੋ ਅਮਰੀਕਾ ਵਿੱਚ ਰਹਿ ਰਹੇ ਪੰਜਾਬੀਆਂ ਦੀਆਂ ਚਿੰਤਾਵਾਂ ਅਤੇ ਹਿੱਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ।

ਧਾਲੀਵਾਲ ਨੇ ਪੰਜਾਬੀਆਂ ਨੂੰ ਗੈਰ-ਕਾਨੂੰਨੀ ਤਰੀਕਿਆਂ ਨਾਲ ਵਿਦੇਸ਼ ਨਾ ਜਾਣ ਦੀ ਅਪੀਲ ਕੀਤੀ ਸੀ ਅਤੇ ਵਿਸ਼ਵ ਭਰ ਵਿੱਚ ਮੌਕਿਆਂ ਦਾ ਲਾਭ ਉਠਾਉਣ ਲਈ ਹੁਨਰ ਅਤੇ ਸਿੱਖਿਆ ਪ੍ਰਾਪਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਸੀ। ਉਨ੍ਹਾਂ ਨੇ ਲੋਕਾਂ ਨੂੰ ਵਿਦੇਸ਼ ਯਾਤਰਾ ਕਰਨ ਤੋਂ ਪਹਿਲਾਂ ਕਾਨੂੰਨੀ ਤਰੀਕਿਆਂ, ਸਿੱਖਿਆ ਅਤੇ ਭਾਸ਼ਾ ਦੇ ਹੁਨਰਾਂ ਦਾ ਗਿਆਨ ਪ੍ਰਾਪਤ ਕਰਨ ਲਈ ਉਤਸ਼ਾਹਤ ਕੀਤਾ। ਪਿਛਲੇ ਮਹੀਨੇ ਡੋਨਾਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਦੇਸ਼ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਕਈ ਲੋਕ, ਜੋ ਲੱਖਾਂ ਰੁਪਏ ਖਰਚ ਕਰਕੇ ‘ਡੰਕੀ ਰੂਟ’ ਅਤੇ ਹੋਰ ਗੈਰ-ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਵਿੱਚ ਦਾਖਲ ਹੋਏ ਸਨ, ਹੁਣ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਹਨ।

LEAVE A REPLY

Please enter your comment!
Please enter your name here