ਸਮਰਾਲਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਗੁੱਸੇ ‘ਚ ਆਏ ਕਿਸਾਨ ਅੱਜ ਪੰਜਾਬ ਭਰ ‘ਚ ‘ਆਪ’ ਦੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਖੁਦ ਸਮਰਾਲਾ ਵਿੱਚ ਸੈਂਕੜੇ ਕਿਸਾਨਾਂ ਦੀ ਅਗਵਾਈ ਕੀਤੀ ਅਤੇ ਸਥਾਨਕ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਰਿਹਾਇਸ਼ ਅੱਗੇ ਚੱਲ ਰਹੇ ਧਰਨੇ ਵਿੱਚ ਪਹੁੰਚੇ ਅਤੇ ਇਕੱਠ ਨੂੰ ਸੰਬੋਧਨ ਕੀਤਾ।
ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਬਾਅਦ ਹੁਣ ਸੂਬਾ ਸਰਕਾਰ ਵੀ ਕਿਸਾਨਾਂ ਦੇ ਵਿਰੁੱਧ ਹੋ ਗਈ ਹੈ। ਆਪਣੀਆਂ ਮੰਗਾਂ ਉਠਾ ਰਹੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਣ ਦੀ ਕਾਰਵਾਈ ਇਸ ਗੱਲ ਦਾ ਸਬੂਤ ਹੈ ਕਿ ਇਹ ਸਰਕਾਰ ਕੇਂਦਰ ਦੇ ਇਸ਼ਾਰੇ ‘ਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦਾ ਕੰਮ ਕਰ ਰਹੀ ਹੈ। ਵੱਖ-ਵੱਖ ਕਿਸਾਨ ਸੰਗਠਨਾਂ ਦੇ ਨੇਤਾ ਵਿਰੋਧ ਪ੍ਰਦਰਸ਼ਨ ਵਿੱਚ ਮੌਜੂਦ ਹਨ ਅਤੇ ਸਵੇਰੇ 11 ਵਜੇ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਖੇਤੀਬਾੜੀ ਅਧਾਰਤ ਸੂਬਾ ਆਰਥਿਕ ਤੌਰ ‘ਤੇ ਹੋਰ ਪਿਛੜ ਜਾਵੇਗਾ।