HomePunjabਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗੀ ਪਰਵਿੰਦਰ ਸਿੰਘ ਝੋਟਾ ਦੀ...

ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗੀ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ

ਮਾਨਸਾ: ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ। ਇਸ ਸਬੰਧੀ ਪਰਿਵਾਰ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪਹਿਲਾਂ ਇਹ ਧਾਰਮਿਕ ਸਮਾਗਮ ਗੁਰਦੁਆਰਾ ਸੂਲੀਸਰ ਸਾਹਿਬ, ਕੋਟ ਧਰਮੂ ਵਿਖੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਪਰ ਹੁਣ ਸਮਾਗਮ ਦਾ ਸਥਾਨ ਬਦਲ ਦਿੱਤਾ ਗਿਆ ਹੈ।

ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਹੁਣ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗੀ। ਇਹ ਸਮਾਗਮ ਐਤਵਾਰ, 15 ਨਵੰਬਰ ਨੂੰ ਨਵੇਂ ਦੀਵਾਨ ਹਾਲ ਦੇ ਪੰਡਾਲ ਵਿੱਚ ਕਰਵਾਇਆ ਜਾਵੇਗਾ।

ਪਰਿਵਾਰ ਨੇ ਦੱਸਿਆ ਕਿ ਅੰਤਿਮ ਅਰਦਾਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਦੇਸ਼-ਵਿਦੇਸ਼ ਤੋਂ ਸੰਗਤਾਂ ਦੇ ਲਗਾਤਾਰ ਫੋਨ ਆ ਰਹੇ ਸਨ। ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਖੁੱਲ੍ਹੇ ਪੰਡਾਲ, ਬੈਠਣ ਦੇ ਪ੍ਰਬੰਧ ਅਤੇ ਟ੍ਰੈਫਿਕ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪਰਿਵਾਰ, ਐਂਟੀ ਡਰੱਗ ਟੀਮ ਅਤੇ ਸੰਗਤਾਂ ਦੀ ਸਹਿਮਤੀ ਨਾਲ ਸਮਾਗਮ ਦਾ ਸਥਾਨ ਬਦਲਿਆ ਗਿਆ ਹੈ।

ਪਰਿਵਾਰ ਅਤੇ ਐਂਟੀ ਡਰੱਗ ਟੀਮ ਨੇ ਨੌਜਵਾਨਾਂ ਸਮੇਤ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ 15 ਨਵੰਬਰ ਨੂੰ ਸਿਰਾਂ ‘ਤੇ ਦਸਤਾਰਾਂ ਸਜਾ ਕੇ ਸਮਾਗਮ ਵਿੱਚ ਸ਼ਾਮਲ ਹੋਣ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਦਾ ਪ੍ਰਣ ਲੈਣ ਲਈ ਕਿਹਾ ਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਨਸ਼ਿਆਂ ਨੂੰ ਤਿਆਗਣਾ ਹੀ ਪਰਵਿੰਦਰ ਸਿੰਘ ਝੋਟਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਪੋਸਟਮਾਰਟਮ 7 ਨਵੰਬਰ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਹੋਇਆ ਸੀ। ਇਸ ਤੋਂ ਬਾਅਦ ਦੀਵਾਲੀ ਵਾਲੇ ਦਿਨ ਉਨ੍ਹਾਂ ਦਾ ਅੰਤਿਮ ਸੰਸਕਾਰ ਆਪਣੇ ਖੇਤ ਵਿੱਚ ਕੀਤਾ ਗਿਆ। ਅੰਤਿਮ ਵਿਦਾਈ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

ਅੰਤਿਮ ਸੰਸਕਾਰ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਦਾ ਅੰਗੀਠਾ ਸਾਂਭਿਆ ਗਿਆ ਅਤੇ ਉਸੇ ਥਾਂ ‘ਤੇ ਇੱਕ ਬੂਟਾ ਵੀ ਲਗਾਇਆ ਗਿਆ। ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਦੱਸਿਆ ਕਿ ਇਸ ਬੂਟੇ ਦੀ ਪੂਰੀ ਦੇਖਭਾਲ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਅੰਤਿਮ ਅਰਦਾਸ ਸਮਾਗਮ ਵਿੱਚ ਪਹੁੰਚਣ।

ਦੱਸ ਦੇਈਏ ਕਿ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਪਿਤਾ ਭੀਮ ਸਿੰਘ 5 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਹੋਏ ਸਨ। ਉਨ੍ਹਾਂ ਨੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਅੰਤਿਮ ਸੰਸਕਾਰ ਤੋਂ ਬਾਅਦ ਪਾਣੀ ਪੀ ਕੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਚੁੱਕੇ।

ਇਨਸਾਫ਼ ਮੋਰਚੇ ਦੇ ਮੈਂਬਰ ਮਾਣਿਕ ਗੋਇਲ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਨਾਲ ਸਬੰਧਤ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਇਨਸਾਫ਼ ਕਮੇਟੀ ਆਪਣੀ ਸਰਗਰਮੀ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਕਮੇਟੀ ਸੀਬੀਆਈ ਜਾਂਚ ‘ਤੇ ਵੀ ਨਜ਼ਰ ਰੱਖੇਗੀ। ਪਰਿਵਾਰ ਵੱਲੋਂ ਅਸਥੀਆਂ ਚੁਗਣ ਅਤੇ ਜਲ ਪ੍ਰਵਾਹ ਕਰਨ ਸਬੰਧੀ ਅਗਲੀ ਕਾਰਵਾਈ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments