ਚੰਡੀਗੜ੍ਹ : ਸਾਈਬਰ ਅਪਰਾਧੀਆਂ ਦੀ ਕਮਰ ਤੋੜਨ ਲਈ ਹਰਿਆਣਾ ਪੁਲਿਸ (Haryana Police) ਅਤੇ ਕੇਂਦਰੀ ਗ੍ਰਹਿ ਮੰਤਰਾਲੇ (Union Ministry of Home Affairs) ਦਾ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ ਇੱਕ ਪਲੇਟਫਾਰਮ ‘ਤੇ ਕੰਮ ਕਰਨ ਜਾ ਰਿਹਾ ਹੈ ਤਾਂ ਜੋ ਸਾਈਬਰ ਧੋਖਾਧੜੀ ਨਾਲ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਧੋਖਾਧੜੀ ਦੀ ਰਕਮ ਨੂੰ ਗੋਲਡਨ ਆਵਰ ਦੌਰਾਨ ਫ੍ਰੀਜ਼ ਕੀਤਾ ਜਾ ਸਕਦਾ ਹੈ। ਜਿਸ ਨਾਲ ਸ਼ਿਕਾਇਤਕਰਤਾ ਨੂੰ ਧੋਖਾਧੜੀ ਦੀ ਰਕਮ ਵਾਪਸ ਮਿਲ ਸਕਦੀ ਹੈ। ਇਸ ਸਬੰਧੀ ਹਰਿਆਣਾ ਪੁਲਿਸ ਵੱਲੋਂ ਸਾਈਬਰ ਮਾਹਿਰਾਂ ਦੀ ਟੀਮ ਤਿਆਰ ਕੀਤੀ ਗਈ ਹੈ। ਜਿਨ੍ਹਾਂ ਨੂੰ ਸਾਈਬਰ ਅਪਰਾਧਾਂ ਨੂੰ ਰੋਕਣ ਲਈ ਉੱਚ ਪੱਧਰੀ ਸਿਖਲਾਈ ਦਿੱਤੀ ਗਈ ਹੈ। ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਈਬਰ ਸੁਰੱਖਿਆ ਪ੍ਰਣਾਲੀ ਨੂੰ ਪਹਿਲਾਂ ਨਾਲੋਂ ਵੀ ਜ਼ਿਆਦਾ ਮਜ਼ਬੂਤ ਕਰਨ ਲਈ ਹਰਿਆਣਾ ਪੁਲਿਸ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਇੱਕ ਸੁਚੱਜੀ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ।
ਦੇਸ਼ ਭਰ ਦੇ ਬਹੁਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਜਿਵੇਂ ਕਿ ਐਸ.ਬੀ.ਆਈ, ਪੀ.ਐਨ.ਬੀ, ਬੈਂਕ ਆਫ਼ ਇੰਡੀਆ, ਸੈਂਟਰਲ ਬੈਂਕ ਆਫ਼ ਇੰਡੀਆ, ਐਕਸਿਸ ਬੈਂਕ, ਕੇਨਰਾ ਬੈਂਕ, ਕੋਟਕ ਮਹਿੰਦਰਾ ਬੈਂਕ ਆਦਿ ਦੇ ਨੋਡਲ ਅਫ਼ਸਰ ਵੀ ਇਸ ਕਮਾਂਡ ਸੈਂਟਰ ਵਿੱਚ ਕੰਮ ਕਰ ਰਹੇ ਹਨ। ਜੋ ਕਿ ਸਾਈਬਰ ਧੋਖਾਧੜੀ ਨੂੰ ਰੋਕਣ ਵਿੱਚ ਸਰਕਾਰ ਦੀ ਮਦਦ ਕਰਦੇ ਹਨ। ਸਾਈਬਰ ਅਪਰਾਧ ਨੂੰ ਰੋਕਣ ਲਈ ਸਾਰੀਆਂ ਸਬੰਧਤ ਏਜੰਸੀਆਂ ਇਕਜੁੱਟ ਹੋ ਕੇ ਯਤਨ ਕਰਨਗੀਆਂ ਅਤੇ ਸਾਈਬਰ ਅਪਰਾਧੀਆਂ ‘ਤੇ ਸਖ਼ਤ ਨਜ਼ਰ ਰੱਖਣਗੀਆਂ। ਇਸ ਨਾਲ ਸਾਈਬਰ ਧੋਖਾਧੜੀ ਦੇ ਲਾਈਵ ਮਾਮਲਿਆਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਸਾਵਧਾਨੀ ਨਾਲ ਨਜਿੱਠਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਮੁੱਖ ਤੌਰ ‘ਤੇ ਪੱਛਮੀ ਬੰਗਾਲ, ਰਾਜਸਥਾਨ, ਮੇਵਾਤ ਅਤੇ ਉਨ੍ਹਾਂ ਦੇ ਆਸਪਾਸ ਦੇ ਇਲਾਕਿਆਂ ਤੋਂ ਹਰਿਆਣਾ ਵਿਚ ਸਾਈਬਰ ਹਮਲਿਆਂ ਵਿਚ ਚਿੰਤਾਜਨਕ ਵਾਧਾ ਹੋਇਆ ਹੈ। ਅਜਿਹੇ ‘ਚ ਸਾਡੀ ਕੋਸ਼ਿਸ਼ ਸਾਈਬਰ ਧੋਖਾਧੜੀ ਕਾਰਨ ਆਮ ਲੋਕਾਂ ਨੂੰ ਹੋਣ ਵਾਲੇ ਵਿੱਤੀ ਨੁਕਸਾਨ ਨੂੰ ਰੋਕਣ ਦੀ ਹੈ।