HomePunjabਫਗਵਾੜਾ ਦੇ ਪਿੰਡ ਖਲਿਆਣ ਦੇ ਬੱਸ ਸਟੈਂਡ ਨੇੜੇ ਵਾਪਰਿਆ ਸੜਕ ਹਾਦਸਾ, 1...

ਫਗਵਾੜਾ ਦੇ ਪਿੰਡ ਖਲਿਆਣ ਦੇ ਬੱਸ ਸਟੈਂਡ ਨੇੜੇ ਵਾਪਰਿਆ ਸੜਕ ਹਾਦਸਾ, 1 ਵਿਅਕਤੀ ਦੀ ਹੋਈ ਮੌਤ

ਫਗਵਾੜਾ: ਫਗਵਾੜਾ ਦੇ ਪਿੰਡ ਖਲਿਆਣ ਦੇ ਬੱਸ ਸਟੈਂਡ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਨੇ ਇੱਕ ਪਰਿਵਾਰ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਤੇਜ਼ ਰਫ਼ਤਾਰ ਡਬਲ ਟਰਾਲੀ ਵਾਲੇ ਟਰੈਕਟਰ ਨੇ ਮੋਟਰਸਾਈਕਲ ਸਵਾਰ ਪੇਂਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਤਿੰਨ ਧੀਆਂ ਅਤੇ ਇੱਕ ਪੁੱਤਰ ਛੱਡ ਗਿਆ ਹੈ। ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਹ ਪੂਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਜਸਵੰਤ ਸਿੰਘ ਉਰਫ਼ ਸੰਤ, ਪੁੱਤਰ ਪ੍ਰਕਾਸ਼ ਰਾਮ, ਵਾਸੀ ਪਿੰਡ ਪਾਂਸ਼ਟਾ ਵਜੋਂ ਹੋਈ ਹੈ। ਉਹ ਪੇਂਟਰ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਕੰਮ ਖ਼ਤਮ ਕਰਨ ਤੋਂ ਬਾਅਦ ਉਹ ਘਰ ਪਰਤਿਆ ਸੀ ਅਤੇ ਕਿਸੇ ਨਿੱਜੀ ਕੰਮ ਲਈ ਮੋਟਰਸਾਈਕਲ ‘ਤੇ ਫਗਵਾੜਾ ਵੱਲ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਪਿੰਡ ਖਲਿਆਣ ਦੇ ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਬੇਕਾਬੂ ਟਰੈਕਟਰ-ਟਰਾਲੀ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਚਸ਼ਮਦੀਦਾਂ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਟਰੈਕਟਰ ਦੇ ਪਿੱਛੇ ਇੱਕ ਨਹੀਂ, ਸਗੋਂ ਦੋ ਟਰਾਲੀਆਂ ਜੋੜੀਆਂ ਹੋਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਓਵਰਟੇਕਿੰਗ ਜਾਂ ਸੜਕ ‘ਤੇ ਜਗ੍ਹਾ ਘੱਟ ਹੋਣ ਕਾਰਨ ਇਹ ਹਾਦਸਾ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜਸਵੰਤ ਸਿੰਘ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ ਅਤੇ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ। ਮ੍ਰਿਤਕ ਦੇ ਭਰਾ ਰਾਜਕਮਲ ਨੇ ਦੱਸਿਆ ਕਿ ਜਸਵੰਤ ਸਿੰਘ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਉਸ ਦੇ ਪਰਿਵਾਰ ਵਿੱਚ ਤਿੰਨ ਧੀਆਂ ਅਤੇ ਇੱਕ ਪੁੱਤਰ ਹਨ। ਪਿਤਾ ਦੀ ਅਚਾਨਕ ਮੌਤ ਨਾਲ ਬੱਚਿਆਂ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਰਿਵਾਰ ਨੇ ਦੋਸ਼ ਲਾਇਆ ਕਿ ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਨੇ ਰੁਕ ਕੇ ਜ਼ਖ਼ਮੀ ਦੀ ਮਦਦ ਕਰਨ ਦੀ ਬਜਾਏ ਦੋਵੇਂ ਟਰਾਲੀਆਂ ਸਮੇਤ ਮੌਕੇ ਤੋਂ ਫਰਾਰ ਹੋਣਾ ਹੀ ਠੀਕ ਸਮਝਿਆ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਡਬਲ ਟਰਾਲੀ ਲੈ ਕੇ ਜਾ ਰਹੇ ਚਾਲਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ।

ਜਾਂਚ ਅਧਿਕਾਰੀ ਅਨੁਸਾਰ ਸੀਸੀਟੀਵੀ ਫੁਟੇਜ ਅਤੇ ਮੁੱਢਲੀ ਜਾਂਚ ਦੇ ਆਧਾਰ ‘ਤੇ ਟਰੈਕਟਰ-ਟਰਾਲੀ ਚਾਲਕ ਦੀ ਪਛਾਣ ਕਰ ਲਈ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments