ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਲਈ ਸਰਹਿੰਦ ਰੋਡ ਸਥਿਤ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਜਿਣਸ ਦਾ ਇੱਕ-ਇੱਕ ਦਾਣਾ ਖਰੀਦਣ ਦੇ ਨਾਲ-ਨਾਲ ਖਰੀਦੀ ਗਈ ਫ਼ਸਲ ਦੀ 24 ਘੰਟਿਆਂ ਦੇ ਅੰਦਰ ਅਦਾਇਗੀ ਅਤੇ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੇ ਜਾ ਰਹੇ ਝੋਨੇ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਤੁਰੰਤ ਖਰੀਦ ਕੀਤੀ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦਾ ਸੀਆਰਐਮ ਮਸ਼ੀਨਾਂ ਨਾਲ ਸੁਚੱਜਾ ਪ੍ਰਬੰਧਨ ਕਰਨ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 13 ਲੱਖ 46 ਹਜ਼ਾਰ 301 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 13 ਲੱਖ 33 ਹਜ਼ਾਰ 305 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਖਰੀਦੇ ਗਏ ਝੋਨੇ ਦੀ ਪੂਰੀ ਅਦਾਇਗੀ ਕਰਦਿਆਂ ਕਿਸਾਨਾਂ ਦੇ ਖਾਤਿਆਂ ਵਿੱਚ ਹੁਣ ਤੱਕ 3202 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਮਿੱਥੇ ਖਰੀਦ ਟੀਚੇ 13 ਲੱਖ 452 ਮੀਟ੍ਰਿਕ ਟਨ ਤੋਂ ਵੀ ਵੱਧ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੇ ਝਾੜ ਵਿੱਚ ਪਿਛਲੇ ਸਾਲ ਦੇ ਮੁਕਾਬਲੇ 20 ਤੋਂ 25 ਫ਼ੀਸਦੀ ਤੱਕ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਬਾਸਮਤੀ ਦੀ ਬਜਾਏ ਏ-ਗਰੇਡ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕੀਤੀ ਗਈ ਅਤੇ ਪੰਜਾਬ ਨੰਬਰ-1 ਵਰਗੀਆਂ ਹਾਈਬ੍ਰਿਡ ਕਿਸਮਾਂ ਦਾ ਝਾੜ ਵੀ ਕਾਫ਼ੀ ਵਧੀਆ ਰਿਹਾ ਹੈ। ਇਸ ਤੋਂ ਇਲਾਵਾ ਇਸ ਵਾਰ ਮੌਸਮ ਅਨੁਕੂਲ ਰਹਿਣ ਅਤੇ ਹੜ੍ਹਾਂ ਤੋਂ ਬਚਾਅ ਹੋਣ ਕਾਰਨ ਵੀ ਫ਼ਸਲ ਦੇ ਝਾੜ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਈ ਕਿਸਾਨ ਆਪਣੀ ਫ਼ਸਲ ਹਰਿਆਣਾ ਦੀਆਂ ਮੰਡੀਆਂ ਵਿੱਚ ਵੀ ਵੇਚਦੇ ਸਨ, ਪਰ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵਧੇਰੇ ਆਮਦ ਦਰਜ ਕੀਤੀ ਗਈ ਹੈ।
ਮੰਡੀ ਵਿੱਚ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੇ ਖਰੀਦ ਪ੍ਰਕਿਰਿਆ ’ਤੇ ਤਸੱਲੀ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਿਲ ਨਹੀਂ ਆਈ ਅਤੇ ਨਾਲੋ-ਨਾਲ ਅਦਾਇਗੀ ਵੀ ਪ੍ਰਾਪਤ ਹੋਈ ਹੈ। ਕਿਸਾਨਾਂ ਨੇ ਮੰਡੀ ਵਿੱਚ ਝੋਨੇ ਦੀਆਂ ਬੋਰੀਆਂ ਦੀ ਨਿਰੰਤਰ ਚੁਕਾਈ ਹੋਣ ’ਤੇ ਵੀ ਤਸੱਲੀ ਪ੍ਰਗਟਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਜੌਨੀ ਗਰਗ, ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੂਜੇ ਰਾਜਾਂ ਨਾਲ ਲੱਗਦੀਆਂ ਜ਼ਿਲ੍ਹੇ ਦੀਆਂ ਹੱਦਾਂ ’ਤੇ ਸਥਾਪਤ ਕੀਤੇ ਗਏ ਸੱਤ ਨਾਕਿਆਂ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ, ਤਾਂ ਜੋ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਕੋਈ ਵੀ ਸ਼ਰਾਰਤੀ ਅਨਸਰ ਅਣਅਧਿਕਾਰਤ ਢੰਗ ਨਾਲ ਦੂਜੇ ਰਾਜਾਂ ਤੋਂ ਝੋਨਾ ਜਾਂ ਚੌਲ ਲਿਆ ਕੇ ਵੇਚਣ ਅਤੇ ਬੋਗਸ ਖਰੀਦ ਜਾਂ ਗ਼ੈਰ-ਕਾਨੂੰਨੀ ਰੀਸਾਈਕਲਿੰਗ ਕਰਨ ਵਿੱਚ ਕਾਮਯਾਬ ਨਾ ਹੋ ਸਕੇ।
ਉਨ੍ਹਾਂ ਕਿਹਾ ਕਿ ਸਾਰੇ ਨਾਕਿਆਂ ’ਤੇ ਪੰਜਾਬ ਤੋਂ ਬਾਹਰੋਂ ਆਉਣ ਵਾਲੇ ਟਰੱਕਾਂ ਦੇ ਬਿੱਲਾਂ, ਬਿਲਟੀਆਂ ਅਤੇ ਹੋਰ ਸਬੰਧਤ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਪੂਰਾ ਰਿਕਾਰਡ ਦਰਜ ਕੀਤਾ ਜਾਵੇ। ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ, ਤਾਂ ਜੋ ਦੂਜੇ ਰਾਜਾਂ ਤੋਂ ਘੱਟ ਕੀਮਤ ’ਤੇ ਅਣਅਧਿਕਾਰਤ ਝੋਨਾ ਜਾਂ ਚੌਲ ਖਰੀਦ ਕੇ ਪੰਜਾਬ ਵਿੱਚ ਲਿਆਉਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ।






