ਪੰਜਾਬ : ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਕਦਮ ਚੁੱਕਿਆ ਹੈ ਅਤੇ ਜ਼ਿਲ੍ਹੇ ਦੇ ਨਾਗਰਿਕ ਹੁਣ ਆਪਣੇ ਨੇੜਲੇ ਸੇਵਾ ਕੇਂਦਰਾਂ ਤੋਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਤਰ੍ਹਾਂ ਦੀਆਂ ਸੇਵਾਵਾਂ ਸਿੱਧੇ ਪ੍ਰਾਪਤ ਕਰ ਸਕਣਗੇ। ਇਸ ਸਬੰਧੀ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਬਲਜੀਤ ਕੌਰ ਨੇ ਕਿਹਾ ਕਿ ਇਹ ਕਦਮ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਬਿਹਤਰ ਬਣਾਉਣ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਲ ਤਰੀਕੇ ਨਾਲ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਅਤੇ ਸੇਵਾ ਸਹਾਇਕਾਂ ਨੂੰ ਟਰਾਂਸਪੋਰਟ ਵਿਭਾਗ ਨਾਲ ਸਬੰਧਤ 29 ਸੇਵਾਵਾਂ ਬਾਰੇ ਵਿਸਥਾਰਤ ਸਿਖਲਾਈ ਦਿੱਤੀ ਗਈ ਹੈ, ਤਾਂ ਜੋ ਉਹ ਨਾਗਰਿਕਾਂ ਨੂੰ ਇਹ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਪ੍ਰਦਾਨ ਕਰ ਸਕਣ। ਹੁਣ ਕੋਈ ਵੀ ਨਾਗਰਿਕ ਆਪਣੇ ਡਰਾਈਵਿੰਗ ਲਾਇਸੈਂਸ ਜਾਂ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ ਲਈ ਆਪਣੇ ਨੇੜਲੇ ਸੇਵਾ ਕੇਂਦਰ ਵਿੱਚ ਜ਼ਰੂਰੀ ਦਸਤਾਵੇਜ਼ ਲੈ ਕੇ ਆਸਾਨੀ ਨਾਲ ਅਰਜ਼ੀ ਦੇ ਸਕਦਾ ਹੈ। ਇਸ ਨਾਲ ਵਿਅਕਤੀ ਨੂੰ ਆਰ.ਟੀ.ਓ ਦਫ਼ਤਰ ਜਾ ਕੇ ਲੰਮਾ ਸਮਾਂ ਇੰਤਜ਼ਾਰ ਨਹੀਂ ਕਰਨਾ ਪਵੇਗਾ ਅਤੇ ਸਮੇਂ ਦੀ ਵੀ ਬੱਚਤ ਹੋਵੇਗੀ। ਇਨ੍ਹਾਂ 29 ਸੇਵਾਵਾਂ ਵਿੱਚ ਡਰਾਈਵਿੰਗ ਲਾਇਸੈਂਸ ਜਾਰੀ ਕਰਨਾ, ਨਵਿਆਉਣਾ, ਡੁਪਲੀਕੇਟ ਲਾਇਸੈਂਸ, ਲਾਇਸੈਂਸ ਵਿੱਚ ਸ਼੍ਰੇਣੀ ਜੋੜਨਾ, ਵਾਹਨ ਰਜਿਸਟ੍ਰੇਸ਼ਨ, ਰਜਿਸਟ੍ਰੇਸ਼ਨ ਸਰਟੀਫਿਕੇਟ ਵਿੱਚ ਪਤਾ ਬਦਲਣਾ, ਡੁਪਲੀਕੇਟ, ਵਿੱਤ ਹਟਾਉਣਾ ਜਾਂ ਜੋੜਨਾ, ਨਾਮ ਬਦਲਣਾ ਅਤੇ ਹੋਰ ਬਹੁਤ ਸਾਰੀਆਂ ਜ਼ਰੂਰੀ ਸੇਵਾਵਾਂ ਸ਼ਾਮਲ ਹਨ।
ਆਰ.ਟੀ.ਓ ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਤਕਨਾਲੋਜੀ ਰਾਹੀਂ ਨਾਗਰਿਕਾਂ ਨੂੰ ਤੇਜ਼, ਪਾਰਦਰਸ਼ੀ ਅਤੇ ਲਾਭਦਾਇਕ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਸੇਵਾ ਕੇਂਦਰ ਜਾਂ ਪੰਜਾਬ ਸਰਕਾਰ ਦੀ ਅਧਿਕਾਰਤ ਵੈੱਬਸਾਈਟ ਤੋਂ ਜਾਣਕਾਰੀ ਲੈ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਉਠਾਉਣ। ਸਹਾਇਕ ਟਰਾਂਸਪੋਰਟ ਅਫ਼ਸਰ ਸ਼ਲਿੰਦਰ ਗੋਇਲ, ਸਹਾਇਕ ਜ਼ਿਲ੍ਹਾ ਆਈਟੀ ਮੈਨੇਜਰ ਤਲਵਿੰਦਰ ਸਿੰਘ, ਸੇਵਾ ਕੇਂਦਰ ਜ਼ਿਲ੍ਹਾ ਮੈਨੇਜਰ ਜਤਿੰਦਰ ਸਿੰਘ, ਸਹਾਇਕ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸੁਖਵੀਰਪਾਲ ਸਿੰਘ, ਸੇਵਾ ਕੇਂਦਰ ਮਾਸਟਰ ਟ੍ਰੇਨਰ ਸਤਨਾਮ ਸਿੰਘ, ਬਰਜਿੰਦਰ ਸਿੰਘ ਸੋਥਾ ਅਤੇ ਨੀਰਜ ਕੁਮਾਰ (ਕਲਰਕ, ਆਰਟੀਓ ਦਫ਼ਤਰ) ਇਸ ਮੌਕੇ ਮੌਜੂਦ ਸਨ।










