ਅਬੋਹਰ : ਬੀਤੇ ਦਿਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਬੋਹਰ ਪਹੁੰਚੇ, ਜਿੱਥੇ ਉਨ੍ਹਾਂ ਨੇ ਕੱਪੜਾ ਵਪਾਰੀ ਮ੍ਰਿਤਕ ਸੰਜੇ ਵਰਮਾ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇੱਥੇ ਦੱਸਣਾ ਬਣਦਾ ਹੈ ਕਿ ਅਬੋਹਰ ਦੇ ਕਾਰੋਬਾਰੀ ਸੰਜੇ ਵਰਮਾ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਅਮਨ ਅਰੋੜਾ ਨੇ ਮ੍ਰਿਤਕ ਦੇ ਭਰਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਵੀ ਪਹੁੰਚੇ ਸਨ।
ਦੱਸਣਯੋਗ ਹੈ ਕਿ ਸੰਜੇ ਵਰਮਾ ਦੀ ਹੱਤਿਆ ਨੇ ਸਥਾਨਕ ਲਾਅ ਐਂਡ ਆਰਡਰ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੰਵੇਦਨਸ਼ੀਲ ਮਸਲਿਆਂ ਨੂੰ ਲੈ ਕੇ ਸਦਾ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੇ ਇਨਸਾਫ ਲਈ ਆਪਣੀ ਪੂਰੀ ਹਮਾਇਤ ਪ੍ਰਗਟਾਈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕੁੱਝ ਅਣਪਛਾਤੇ ਨੌਜਵਾਨਾਂ ਦੇ ਵੱਲੋਂ ਕੱਪੜਾ ਵਪਾਰੀ ਸੰਜੇ ਵਰਮਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮ ਬਾਈਕ ਤੇ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।







