ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ, ਸਿਰ ‘ਚ ਲੱਗੀ ਗੋਲੀ

0
73

ਅੰਮ੍ਰਿਤਸਰ : ਅੰਮ੍ਰਿਤਸਰ ਦੇ ਭੱਲਾ ਪਿੰਡ ਨੇੜੇ ਇੱਕ ਪੁਲਿਸ ਮੁਲਾਜ਼ਮ ‘ਤੇ ਗੋਲੀਬਾਰੀ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਪੁਲਿਸ ਲਾਈਨ ਵਿੱਚ ਡਿਊਟੀ ਪੂਰੀ ਕਰਨ ਤੋਂ ਬਾਅਦ ਮੋਟਰਸਾਈਕਲ ‘ਤੇ ਅਜਨਾਲਾ ਵੱਲ ਜਾ ਰਹੇ ASI ਜਸਵੰਤ ਸਿੰਘ ‘ਤੇ ਇੱਕ ਅਣਪਛਾਤੇ ਵਿਅਕਤੀ ਨੇ ਫਾਇਰਿੰਗ ਕਰ ਦਿੱਤੀ। ਗੋਲੀ ਉਨ੍ਹਾਂ ਦੇ ਸਿਰ ਵਿੱਚ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਗੋਲੀ ਲੱਗਣ ਤੋਂ ਬਾਅਦ ਵੀ ਨਹੀਂ ਹਾਰੀ ਹਿੰਮਤ

ਘਟਨਾ ਤੋਂ ਬਾਅਦ ASI ਜਸਵੰਤ ਸਿੰਘ ਨੇ ਹੌਸਲਾ ਨਹੀਂ ਛੱਡਿਆ। ਜ਼ਖਮੀ ਹੋਣ ਦੇ ਬਾਵਜੂਦ ਉਹ ਖੁਦ ਮੋਟਰਸਾਈਕਲ ਚਲਾ ਕੇ ਥਾਣਾ ਅਜਨਾਲਾ ਪਹੁੰਚੇ। ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਪਹੁੰਚਾਇਆ।

ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਫਿਲਹਾਲ ASI ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਭੱਲਾ ਪਿੰਡ ਨੇੜੇ ਵਾਪਰੀ ਘਟਨਾ

ਮੁੱਢਲੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਥਾਣਾ ਰਾਜਾਸਾਂਸੀ ਦੇ ਅਧੀਨ ਆਉਂਦੇ ਇਲਾਕੇ ਵਿੱਚ ਵਾਪਰੀ। ASI ਜਸਵੰਤ ਸਿੰਘ ਡਿਊਟੀ ਖ਼ਤਮ ਕਰਨ ਤੋਂ ਬਾਅਦ ਮੋਟਰਸਾਈਕਲ ਰਾਹੀਂ ਅਜਨਾਲਾ ਵੱਲ ਜਾ ਰਹੇ ਸਨ। ਇਸੇ ਦੌਰਾਨ ਭੱਲਾ ਪਿੰਡ ਨੇੜੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀ ਚਲਾ ਦਿੱਤੀ।

ਹਮਲਾਵਰ ਦੀ ਭਾਲ ‘ਚ ਜੁੱਟੀ ਪੁਲਿਸ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰ ਦੀ ਪਛਾਣ ਕਰਨ ਲਈ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਫਾਇਰਿੰਗ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਇੰਸਪੈਕਟਰ ਗੁਰਪ੍ਰੀਤ ਸਿੰਘ ਮੁਤਾਬਕ ਪੁਲਿਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਜਾਂਚ ਕਰ ਰਹੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਭਾਲ ਜਾਰੀ ਹੈ। ਪੁਲਿਸ ਵੱਲੋਂ ਘਟਨਾ ਨਾਲ ਜੁੜੇ ਹੋਰ ਸਬੂਤ ਵੀ ਇਕੱਠੇ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here