ਕੰਟਰੈਕਟ ਅਸਿਸਟੈਂਟ ਪ੍ਰੋਫੈਸਰ ਬੰਧੂਆ ਮਜ਼ਦੂਰ ਬਣ ਕੇ ਸੜਕਾਂ ‘ਤੇ ਉਤਰੇ, 36ਵੇਂ ਦਿਨ ਵੀ ਹੜਤਾਲ ਜਾਰੀ

0
83

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਠੇਕਾ ਸਹਾਇਕ ਪ੍ਰੋਫੈਸਰਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਉਪ ਕੁਲਪਤੀ ਦਫ਼ਤਰ ਅੱਗੇ ਧਰਨਾ 36ਵੇਂ ਦਿਨ ਵੀ ਜਾਰੀ ਰਿਹਾ। ਅਧਿਆਪਕਾਂ ਨੇ ‘ਬੰਧੂਆ ਮਜ਼ਦੂਰ’ ਬਣ ਕੇ ਯੂਨੀਵਰਸਿਟੀ ਕੈਂਪਸ ਵਿੱਚ ਰੋਸ ਮਾਰਚ ਕੱਢਿਆ।

ਇਹ ਰੋਸ ਮਾਰਚ ਵਾਈਸ ਚਾਂਸਲਰ ਦਫ਼ਤਰ ਤੋਂ ਸ਼ੁਰੂ ਹੋ ਕੇ ਰਜਿਸਟਰਾਰ ਦਫ਼ਤਰ, ਡੀਨ ਅਕਾਦਮਿਕ ਮਾਮਲੇ ਦਫ਼ਤਰ ਅਤੇ ਭਾਈ ਕਾਹਨ ਸਿੰਘ ਨਾਭਾ ਲਾਇਬ੍ਰੇਰੀ ਤੋਂ ਹੁੰਦਾ ਹੋਇਆ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਸਮਾਪਤ ਹੋਇਆ। ਪ੍ਰਦਰਸ਼ਨਕਾਰੀਆਂ ਨੇ ਰਾਜਨ ਗੋਇਲ ਬਨਾਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਹੋਰ ਦੇ ਮਾਮਲੇ ਵਿੱਚ 30 ਅਪ੍ਰੈਲ, 2026 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੱਤਾ। ਅਧਿਆਪਕਾਂ ਦਾ ਦਾਅਵਾ ਹੈ ਕਿ ਅਦਾਲਤ ਨੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਘੱਟ ਤਨਖ਼ਾਹਾਂ ’ਤੇ ਠੇਕੇ ’ਤੇ ਅਧਿਆਪਕਾਂ ਨੂੰ ਭਰਤੀ ਕਰਨ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਰਵਾਇਤ ’ਤੇ ਸਖ਼ਤ ਟਿੱਪਣੀ ਕੀਤੀ ਹੈ।

ਅਧਿਆਪਕਾਂ ਨੇ ਦੋਸ਼ ਲਾਇਆ ਕਿ ਪਿਛਲੇ 15 ਸਾਲਾਂ ਤੋਂ ਉਨ੍ਹਾਂ ਨੂੰ ਯੂ.ਜੀ.ਸੀ. ਰੈਗੂਲੇਸ਼ਨ 2010 ਅਤੇ 2018 ਅਨੁਸਾਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਦੀ ਮੰਗ ਹੈ ਕਿ ਯੂ.ਜੀ.ਸੀ. ਨਿਯਮਾਂ ਅਨੁਸਾਰ ਤਨਖਾਹ ਸਕੇਲ ਲਾਗੂ ਕੀਤਾ ਜਾਵੇ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here