ਨਿਹਾਲ ਸਿੰਘ ਵਾਲਾ : ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਪਰਿਵਾਰ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਉਨ੍ਹਾਂ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਬਿਲਾਸਪੁਰ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ।
ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਨੇ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਬਿਲਾਸਪੁਰ ਨੇ ਬੀਤੀ ਰਾਤ ਆਖ਼ਰੀ ਸਾਹ ਲਏ।
ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਬਿਲਾਸਪੁਰ ਦਾ ਅੰਤਿਮ ਸੰਸਕਾਰ ਅੱਜ ਬੁੱਧਵਾਰ ਨੂੰ ਬਾਅਦ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਿਲਾਸਪੁਰ ਵਿਖੇ ਕੀਤਾ ਜਾਵੇਗਾ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਬਿਲਾਸਪੁਰ ਰੰਗਮੰਚ ਨਾਲ ਜੁੜੇ ਹੋਏ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕੁਝ ਸਮਾਂ ਪੱਤਰਕਾਰੀ ਦੇ ਖੇਤਰ ਵਿੱਚ ਵੀ ਕੰਮ ਕੀਤਾ ਸੀ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।






