ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਟਿਆਲਾ ਵਿਖੇ ਪੀ.ਆਰ.ਟੀ.ਸੀ (PRTC) ਦੀਆਂ ਨਵੀਆਂ ਜੂਨੀਅਰ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਸਬੰਧੀ ਸਮਾਗਮ ਸਵੇਰੇ 10:15 ਵਜੇ ਨਾਭਾ ਰੋਡ ਸਥਿਤ ਪੀਆਰਟੀਸੀ ਦੇ ਮੁੱਖ ਦਫ਼ਤਰ ਵਿਖੇ ਹੋਵੇਗਾ।
PRTC ਦੇ ਬੇੜੇ ਵਿੱਚ ਸ਼ਾਮਲ ਹੋਣਗੀਆਂ ਨਵੀਆਂ ਬੱਸਾਂ
ਪੰਜਾਬ ਵਿੱਚ ਸਰਕਾਰੀ ਬੱਸ ਸੇਵਾ ਨੂੰ ਹੋਰ ਮਜ਼ਬੂਤ ਕਰਨ ਲਈ ਪੀ.ਆਰ.ਟੀ.ਸੀ. ਵੱਲੋਂ ਆਪਣੇ ਬੱਸ ਬੇੜੇ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿੱਚ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਜਾਣਕਾਰੀ ਦਿੱਤੀ ਸੀ ਕਿ ਨਿਗਮ ਵਿੱਚ 100 ਨਵੀਆਂ ਜੂਨੀਅਰ ਮਿਡ-ਸਾਈਜ਼ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।
ਯਾਤਰੀਆਂ ਨੂੰ ਮਿਲ ਸਕਦੀ ਹੈ ਰਾਹਤ
ਨਵੀਆਂ ਬੱਸਾਂ ਦੇ ਸੜਕਾਂ ‘ਤੇ ਉਤਰਨ ਨਾਲ ਵੱਖ-ਵੱਖ ਰੂਟਾਂ ‘ਤੇ ਸਰਕਾਰੀ ਆਵਾਜਾਈ ਦੀ ਸਹੂਲਤ ਵਧਣ ਦੀ ਉਮੀਦ ਹੈ। ਇਸ ਨਾਲ ਯਾਤਰੀਆਂ ਨੂੰ ਆਉਣ-ਜਾਣ ਵਿੱਚ ਸਹੂਲਤ ਮਿਲ ਸਕਦੀ ਹੈ। ਇਸ ਦੇ ਨਾਲ ਹੀ ਪੀਆਰਟੀਸੀ ਵੱਲੋਂ ਬੱਸ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।
ਪਹਿਲਾਂ ਵੀ 250 ਨਵੀਆਂ ਬੱਸਾਂ ਕੀਤੀਆਂ ਗਈਆਂ ਸਨ ਸ਼ਾਮਲ
ਜ਼ਿਕਰਯੋਗ ਹੈ ਕਿ ਅਪ੍ਰੈਲ 2026 ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿੱਚ ਪੀ.ਆਰ.ਟੀ.ਸੀ ਦੀਆਂ 250 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾਈ ਸੀ। ਹੁਣ ਜੂਨੀਅਰ ਮਿੰਨੀ ਬੱਸਾਂ ਨੂੰ ਬੇੜੇ ਵਿੱਚ ਸ਼ਾਮਲ ਕਰਨ ਦੀ ਇਸ ਪ੍ਰਕਿਰਿਆ ਨੂੰ ਸਰਕਾਰੀ ਬੱਸ ਸੇਵਾ ਦੇ ਵਿਸਥਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਇਸ ਤੋਂ ਇਲਾਵਾ, ਹਾਲ ਹੀ ਵਿੱਚ ਪੀ.ਆਰ.ਟੀ.ਸੀ ਅਧਿਕਾਰੀਆਂ ਅਤੇ ਕਰਮਚਾਰੀ ਯੂਨੀਅਨਾਂ ਵਿਚਾਲੇ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਪੀ.ਆਰ.ਟੀ.ਸੀ. ਅਤੇ ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ।





