ਨਵੀਂ ਦਿੱਲੀ: ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ (Former Foreign Minister Natwar Singh) ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਨਟਵਰ ਸਿੰਘ 93 ਸਾਲ ਦੀ ਉਮਰ ਵਿੱਚ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਸਾਬਕਾ ਵਿਦੇਸ਼ ਮੰਤਰੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਦੇ ਕੂਟਨੀਤੀ ਅਤੇ ਵਿਦੇਸ਼ ਨੀਤੀ ‘ਚ ਯੋਗਦਾਨ ਦੀ ਸ਼ਲਾਘਾ ਕੀਤੀ ਹੈ।
ਪੀ.ਐਮ ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ਸ਼ੇਅਰ ਕੀਤੀ ਅਤੇ ਲਿਖਿਆ- ‘ਮੈਂ ਨਟਵਰ ਸਿੰਘ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਨੇ ਕੂਟਨੀਤੀ ਅਤੇ ਵਿਦੇਸ਼ ਨੀਤੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਹ ਆਪਣੀ ਬੁੱਧੀ ਅਤੇ ਸ਼ਾਨਦਾਰ ਲੇਖਣ ਲਈ ਵੀ ਜਾਣੇ ਜਾਂਦੇ ਸਨ।ਇਸ ਦੁੱਖ ਦੀ ਘੜੀ ਵਿੱਚ ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।
ਦੱਸ ਦੇਈਏ ਕਿ ਨਟਵਰ ਸਿੰਘ ਪਿਛਲੇ ਕੁਝ ਹਫ਼ਤਿਆਂ ਤੋਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖ਼ਲ ਸਨ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿੱਚ ਜਨਮੇ, ਨਟਵਰ ਸਿੰਘ ਨੇ 2004-05 ਵਿੱਚ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਸਰਕਾਰ ਵਿੱਚ ਵਿਦੇਸ਼ ਮੰਤਰੀ ਵਜੋਂ ਸੇਵਾ ਨਿਭਾਈ। ਇਸ ਤੋਂ ਇਲਾਵਾ, ਉਨ੍ਹਾਂ ਨੇ ਪਾਕਿਸਤਾਨ ਵਿੱਚ ਭਾਰਤ ਦੇ ਰਾਜਦੂਤ ਵਜੋਂ ਵੀ ਕੰਮ ਕੀਤਾ ਅਤੇ 1966 ਤੋਂ 1971 ਤੱਕ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦਫ਼ਤਰ ਨਾਲ ਜੁੜੇ ਰਹੇ ਸਨ ।