ਐਡਮਿੰਟਨ, ਅਲਬਰਟਾ (ਰਵੀ ਕਾਂਤ ਸ਼ਰਮਾ) – ਕੈਨੇਡਾ ਵਿੱਚ ਪੰਜਾਬੀ ਪੱਤਰਕਾਰੀ ਅਤੇ ਸਾਹਿਤ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਐਡਮਿੰਟਨ ਸਥਿਤ ਓਮਨੀ ਸਟੂਡੀਓਜ ਵਿੱਚ ਇੱਕ ਨਿੱਘੀ ਅਤੇ ਯਾਦਗਾਰੀ ਮੁਲਾਕਾਤ ਹੋਈ। ਇਸ ਮੌਕੇ ਕੈਨੇਡਾ ਦੇ ਉੱਘੇ ਪੱਤਰਕਾਰ ਸਰਦਾਰ ਜਰਨੈਲ ਸਿੰਘ ਬਸੋਤਾ, ਬ੍ਰਿਟਿਸ਼ ਕੋਲੰਬੀਆ ਦੇ ਪ੍ਰਸਿੱਧ ਵਿਦਵਾਨ, ਲੇਖਕ ਅਤੇ ਪੱਤਰਕਾਰ ਡਾ. ਗੁਰਵਿੰਦਰ ਸਿੰਘ ਧਾਲੀਵਾਲ ਅਤੇ ਚੜ੍ਹਦੀਕਲਾ ਗਰੁੱਪ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਦਰਦੀ ਨੇ ਇੱਕ-ਦੂਜੇ ਨਾਲ ਮੁਲਾਕਾਤ ਕਰਦਿਆਂ ਪੰਜਾਬੀ ਮੀਡੀਆ, ਸਾਹਿਤ ਅਤੇ ਭਾਈਚਾਰਕ ਸਰੋਕਾਰਾਂ ਨਾਲ ਜੁੜੇ ਅਹਿਮ ਵਿਸ਼ਿਆਂ ‘ਤੇ ਵਿਚਾਰ ਸਾਂਝੇ ਕੀਤੇ।
ਮੁਲਾਕਾਤ ਦੌਰਾਨ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ, ਵਿਦੇਸ਼ਾਂ ਵਿੱਚ ਪੰਜਾਬੀ ਪੱਤਰਕਾਰੀ ਦੀ ਭੂਮਿਕਾ ਅਤੇ ਨਵੀਂ ਪੀੜ੍ਹੀ ਨੂੰ ਆਪਣੀ ਮਾਤ ਭਾਸ਼ਾ ਨਾਲ ਜੋੜਨ ਦੀ ਲੋੜ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਮੀਡੀਆ ਦੀ ਜ਼ਿੰਮੇਵਾਰੀ ਸਿਰਫ਼ ਖ਼ਬਰਾਂ ਪਹੁੰਚਾਉਣ ਤੱਕ ਸੀਮਤ ਨਹੀਂ, ਸਗੋਂ ਸਮਾਜ ਨੂੰ ਜਾਗਰੂਕ ਕਰਨਾ ਅਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਵੀ ਹੈ।
ਇਸ ਮੌਕੇ ਤਿੰਨਾਂ ਸ਼ਖ਼ਸੀਅਤਾਂ ਨੇ ਕੈਨੇਡਾ ਵਿੱਚ ਪੰਜਾਬੀ ਮੀਡੀਆ ਦੇ ਵਿਕਾਸ, ਸਾਹਿਤਕ ਗਤੀਵਿਧੀਆਂ ਅਤੇ ਭਾਈਚਾਰੇ ਦੀ ਸੇਵਾ ਲਈ ਹੋ ਰਹੇ ਉਪਰਾਲਿਆਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਮੁਲਾਕਾਤਾਂ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨ ਪੱਤਰਕਾਰਾਂ ਅਤੇ ਲੇਖਕਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ।
ਸੁਖਾਵੇਂ ਮਾਹੌਲ ਵਿੱਚ ਹੋਈ ਇਹ ਮੁਲਾਕਾਤ ਪੰਜਾਬੀ ਪੱਤਰਕਾਰੀ ਅਤੇ ਸਾਹਿਤਕ ਖੇਤਰ ਨਾਲ ਜੁੜੇ ਲੋਕਾਂ ਲਈ ਇੱਕ ਯਾਦਗਾਰ ਪਲ ਬਣੀ।







