ਸਰੀ, ਬੀ.ਸੀ., 8 ਜੂਨ: ਸਰੀ ਪੁਲਿਸ ਨੇ ਦੱਸਿਆ ਹੈ ਕਿ ਹਾਲ ਹੀ ਵਿੱਚ ਪ੍ਰਾਈਡ ਰੇਨਬੋ ਕ੍ਰਾਸਵਾਕ ਨਾਲ ਕੀਤੀ ਗਈ ਤੋੜਫੋੜ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਘਟਨਾ ਪਿਛਲੇ ਹਫ਼ਤੇ ਸਰੀ ਦੇ ਹਾਲੈਂਡ ਪਾਰਕ ਨੇੜੇ ਵਾਪਰੀ ਸੀ, ਜਿੱਥੇ ਕ੍ਰਾਸਵਾਕ ’ਤੇ ਕਾਲਾ ਪੇਂਟ ਛਿੜਕ ਕੇ ਉਸ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ।
ਪੁਲਿਸ ਅਨੁਸਾਰ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਸਾਹਮਣੇ ਆਉਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਗਈ। ਸ਼ੁਰੂਆਤੀ ਜਾਂਚ ਦੌਰਾਨ ਤਿੰਨ ਵਿਅਕਤੀਆਂ ਦੀ ਪਛਾਣ ਕੀਤੀ ਗਈ ਸੀ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਸਨ। ਹੁਣ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਜਾਂਚ ਅਜੇ ਵੀ ਜਾਰੀ ਹੈ।
ਇਹ ਰੇਨਬੋ ਕ੍ਰਾਸਵਾਕ LGBTQ+ ਭਾਈਚਾਰੇ ਨਾਲ ਏਕਤਾ ਅਤੇ ਸਮਾਵੇਸ਼ ਦਾ ਪ੍ਰਤੀਕ ਮੰਨੀ ਜਾਂਦੀ ਹੈ। ਘਟਨਾ ਤੋਂ ਬਾਅਦ ਸਥਾਨਕ ਭਾਈਚਾਰਕ ਸੰਗਠਨਾਂ ਅਤੇ ਪ੍ਰਾਈਡ ਸਮਰਥਕਾਂ ਨੇ ਇਸ ਦੀ ਨਿੰਦਾ ਕਰਦਿਆਂ ਇਸਨੂੰ ਨਫ਼ਰਤ ਅਤੇ ਅਸਹਿਣਸ਼ੀਲਤਾ ਦਾ ਪ੍ਰਗਟਾਵਾ ਕਰਾਰ ਦਿੱਤਾ।
ਸਰੀ ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਵੇਖਿਆ ਜਾ ਰਿਹਾ ਹੈ ਕਿ ਕੀ ਇਸ ਘਟਨਾ ਨੂੰ ਨਫ਼ਰਤੀ ਅਪਰਾਧ (hate-motivated offence) ਵਜੋਂ ਵੀ ਵਿਚਾਰਿਆ ਜਾ ਸਕਦਾ ਹੈ।
ਸ਼ਹਿਰੀ ਕਰਮਚਾਰੀਆਂ ਨੇ ਤੋੜਫੋੜ ਤੋਂ ਬਾਅਦ ਕ੍ਰਾਸਵਾਕ ਦੀ ਸਫ਼ਾਈ ਅਤੇ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਤਾਂ ਜੋ ਇਸਨੂੰ ਮੁੜ ਪਹਿਲਾਂ ਵਾਲੀ ਹਾਲਤ ਵਿੱਚ ਲਿਆਂਦਾ ਜਾ ਸਕੇ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਮਾਮਲੇ ਨਾਲ ਸੰਬੰਧਿਤ ਕੋਈ ਹੋਰ ਜਾਣਕਾਰੀ ਜਾਂ ਵੀਡੀਓ ਫੁਟੇਜ ਹੈ ਤਾਂ ਉਹ ਜਾਂਚ ਅਧਿਕਾਰੀਆਂ ਨਾਲ ਸੰਪਰਕ ਕਰਨ।







