ਵੈਨਕੂਵਰ/ਸਰੀ, ਬੀ.ਸੀ. (ਰਵੀ ਕਾਂਤ ਸ਼ਰਮਾ) ਕੌਮਾਂਤਰੀ ਯੋਗ ਦਿਵਸ ਦੇ ਮੌਕੇ ਕੈਨੇਡਾ ਦੇ ਮਹਾਂਨਗਰ ਵੈਨਕੂਵਰ ਦੇ ਡੇਵਿਡ ਲੈਮ ਪਾਰਕ ਵਿੱਚ ਵਿਸ਼ੇਸ਼ ਯੋਗਾ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੈਂਕੜੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਯੋਗਾ ਮਾਹਿਰਾਂ ਦੀ ਅਗਵਾਈ ਹੇਠ ਭਾਗੀਦਾਰਾਂ ਨੇ ਵੱਖ-ਵੱਖ ਆਸਨਾਂ ਅਤੇ ਪ੍ਰਾਣਾਯਾਮ ਦੀਆਂ ਵਿਧੀਆਂ ਅਨੁਸਾਰ ਯੋਗ ਅਭਿਆਸ ਕੀਤੇ। ਸਮਾਗਮ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਬੱਚੀ ਨਾਲ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਸਮੂਹਿਕ ਯੋਗ ਸੈਸ਼ਨ ਵਿੱਚ ਹਿੱਸਾ ਲਿਆ।

ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦੀ ਭਾਗੀਦਾਰੀ ਰਹੀ। ਪੰਜਾਬੀ ਮੂਲ ਦੀਆਂ ਕਈ ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਵੀ ਇਸ ਮੌਕੇ ਮੌਜੂਦ ਰਹੀਆਂ।ਅੰਤਰਰਾਸ਼ਟਰੀ ਯੋਗ ਦਿਵਸ ਦਾ ਇਹ ਸਮਾਗਮ ਇੱਕ ਵਾਰ ਫਿਰ ਇਹ ਦਰਸਾਉਂਦਾ ਹੈ ਕਿ ਯੋਗਾ ਹੁਣ ਸਿਰਫ਼ ਭਾਰਤ ਤੱਕ ਸੀਮਿਤ ਨਹੀਂ, ਸਗੋਂ ਵਿਸ਼ਵ ਪੱਧਰ ‘ਤੇ ਲੋਕਾਂ ਦੀ ਰੋਜ਼ਾਨਾ ਜੀਵਨ ਸ਼ੈਲੀ ਦਾ ਅਹਿਮ ਹਿੱਸਾ ਬਣ ਚੁੱਕਾ ਹੈ।