ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 8 ਦਸੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿੱਚ ਇੱਕ ਵੱਡੀ ਮੈਗਾ ਰੈਲੀ ਕੀਤੀ ਜਾਵੇਗੀ। ਇਹ ਰੈਲੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ ਹੋਵੇਗੀ।
ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਮੋਗਾ ਪਹੁੰਚੇ। ਉਨ੍ਹਾਂ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਦਿਆਂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਅਕਾਲੀ ਦਲ ਦੀ ਯੋਜਨਾ ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਕੱਠਾ ਕਰਨ ਦੀ ਹੈ।
ਇਸ ਰੈਲੀ ਨੂੰ ਲੈ ਕੇ ਇੱਕ ਹੋਰ ਚਰਚਾ ਵੀ ਜ਼ੋਰ ਫੜ ਰਹੀ ਹੈ। ਸੋਸ਼ਲ ਮੀਡੀਆ ‘ਤੇ ਕਿਆਸ ਲਗਾਏ ਜਾ ਰਹੇ ਹਨ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਰੈਲੀ ਵਿੱਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ, ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।
ਦੂਜੇ ਪਾਸੇ, ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗਠਜੋੜ ਹੋਣ ਦੀਆਂ ਚਰਚਾਵਾਂ ਵੀ ਜਾਰੀ ਹਨ, ਪਰ ਦੋਵਾਂ ਪਾਰਟੀਆਂ ਵੱਲੋਂ ਇਸ ਬਾਰੇ ਕੋਈ ਅੰਤਿਮ ਫ਼ੈਸਲਾ ਜਨਤਕ ਨਹੀਂ ਕੀਤਾ ਗਿਆ। ਹੁਣ ਸਭ ਦੀਆਂ ਨਜ਼ਰਾਂ 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਇਸ ਮੈਗਾ ਰੈਲੀ ‘ਤੇ ਟਿਕੀਆਂ ਹੋਈਆਂ ਹਨ।






