ਹੈਮਬਰਗ: ਜਰਮਨੀ ਦੇ ਹੈਮਬਰਗ ਦੇ ਇੱਕ ਹਸਪਤਾਲ ਵਿੱਚ ਬੀਤੀ ਰਾਤ ਭਿਆਨਕ ਅੱਗ ਲੱਗਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਘਟਨਾ ਸ਼ਹਿਰ ਦੇ “ਮਰੀਨ ਕ੍ਰੈਂਕਨਹੌਸ” ਹਸਪਤਾਲ ਵਿੱਚ ਵਾਪਰਿਆ ਹੈ, ਜਿੱਥੇ ਅੱਗ ਇਮਾਰਤ ਦੀ ਜ਼ਮੀਨੀ ਮੰਜ਼ਿਲ ‘ਤੇ ਸਥਿਤ ਜੇਰੀਐਟ੍ਰਿਕ ਵਾਰਡ ਦੇ ਇੱਕ ਕਮਰੇ ਤੋਂ ਸ਼ੁਰੂ ਹੋਈ ਅਤੇ ਤੇਜ਼ੀ ਨਾਲ ਉੱਪਰਲੀਆਂ ਮੰਜ਼ਿਲਾਂ ਤੱਕ ਫੈਲ ਗਈ।
– ਵੱਡੀ ਗਿਣਤੀ ਵਿੱਚ ਮਰੀਜ਼ ਅਤੇ ਸਟਾਫ ਮੌਜੂਦ ਸਨ
ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਸਮੇਂ ਇਮਾਰਤ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ ਅਤੇ ਸਟਾਫ ਮੌਜੂਦ ਸਨ। ਧੂੰਏਂ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਜ਼ਿਆਦਾਤਰ ਜ਼ਖਮੀਆਂ ਦੀ ਹਾਲਤ ਦਮ ਘੁੱਟਣ ਅਤੇ ਸੜਨ ਕਾਰਨ ਵਿਗੜ ਗਈ। ਫਾਇਰ ਬ੍ਰਿਗੇਡ ਟੀਮ ਨੇ ਤੁਰੰਤ ਕਾਰਵਾਈ ਕੀਤੀ ਅਤੇ ਲਗਭਗ 20 ਮਿੰਟਾਂ ਵਿੱਚ ਅੱਗ ‘ਤੇ ਕਾਬੂ ਪਾ ਲਿਆ।
-ਹੈਮਬਰਗ ਫਾਇਰ ਵਿਭਾਗ ਨੇ ਕਿਹਾ ਕਿ
ਘਟਨਾ ਵਿੱਚ ਕੁੱਲ 52 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 16 ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ 36 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਨੇੜਲੇ ਹੋਰ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਫਿਲਹਾਲ ਅਜੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਸਥਾਨਕ ਪ੍ਰਸ਼ਾਸਨ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ। ਇਹ ਹਾਦਸਾ ਇੱਕ ਵਾਰ ਫਿਰ ਹਸਪਤਾਲਾਂ ਵਿੱਚ ਅੱਗ ਸੁਰੱਖਿਆ ਉਪਾਵਾਂ ਦੀ ਸਮੀਖਿਆ ਕਰਨ ਦੀ ਜ਼ਰੂਰਤ ਵੱਲ ਇਸ਼ਾਰਾ ਕਰਦਾ ਹੈ। ਇਸ ਹਾਦਸੇ ਨੂੰ ਲੈ ਕੇ ਸਥਾਨਕ ਨਾਗਰਿਕਾਂ ਅਤੇ ਪੀੜਤਾਂ ਦੇ ਰਿਸ਼ਤੇਦਾਰਾਂ ਵਿੱਚ ਬਹੁਤ ਚਿੰਤਾ ਅਤੇ ਗੁੱਸਾ ਪੈਦਾ ਹੋ ਗਿਆ ਹੈ।