ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ 40 ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿੱਚ ਸਭ ਤੋਂ ਵੱਧ ਚਰਚਾ ਲੁਧਿਆਣਾ ਵੈਸਟ ਤੋਂ ਸੰਜੀਵ ਅਰੋੜਾ ਨੂੰ ਟਿਕਟ ਦਿੱਤੇ ਜਾਣ ਦੀ ਹੋ ਰਹੀ ਹੈ। ਸੰਜੀਵ ਅਰੋੜਾ ਨੂੰ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਪਾਰਟੀ ਨੇ ਇਸ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਸੰਜੀਵ ਅਰੋੜਾ ‘ਤੇ AAP ਨੇ ਮੁੜ ਜਤਾਇਆ ਭਰੋਸਾ
ਆਮ ਆਦਮੀ ਪਾਰਟੀ ਨੇ ਲੁਧਿਆਣਾ ਦੀਆਂ ਕਈ ਵਿਧਾਨ ਸਭਾ ਸੀਟਾਂ ਲਈ ਆਪਣੇ ਉਮੀਦਵਾਰ ਐਲਾਨੇ ਹਨ। ਲੁਧਿਆਣਾ ਵੈਸਟ ਤੋਂ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੁਧਿਆਣਾ ਈਸਟ ਤੋਂ ਦਲਜੀਤ ਸਿੰਘ ਗਰੇਵਾਲ ਭੋਲਾ, ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਸੈਂਟਰਲ ਤੋਂ ਅਸ਼ੋਕ ਕੁਮਾਰ ਪੱਪੀ ਅਤੇ ਲੁਧਿਆਣਾ ਨਾਰਥ ਤੋਂ ਮਦਨ ਲਾਲ ਬੱਗਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ ਚੋਣ ਲੜਨਗੇ।
ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ
ਪਾਰਟੀ ਦੀ ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਵੀ ਸ਼ਾਮਲ ਹੈ। ਉਹ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਬਟਾਲਾ ਤੋਂ ਸ਼ੈਰੀ ਕਲਸੀ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਅਤੇ ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਟਿਕਟ ਦਿੱਤੀ ਗਈ ਹੈ।
ਤਰਨ ਤਾਰਨ ਤੋਂ ਹਰਮੀਤ ਸਿੰਘ ਸੰਧੂ, ਖੇਮਕਰਨ ਤੋਂ ਸਰਵਣ ਸਿੰਘ ਧੁੰਨ, ਨਕੋਦਰ ਤੋਂ ਇੰਦਰਜੀਤ ਕੌਰ ਮਾਨ ਅਤੇ ਕਰਤਾਰਪੁਰ ਤੋਂ ਬਲਕਾਰ ਸਿੰਘ ਪਾਰਟੀ ਦੇ ਉਮੀਦਵਾਰ ਹੋਣਗੇ। ਹੁਸ਼ਿਆਰਪੁਰ ਤੋਂ ਬ੍ਰਹਮ ਸ਼ੰਕਰ ਜਿੰਪਾ, ਰੂਪਨਗਰ ਤੋਂ ਦਿਨੇਸ਼ ਚੱਢਾ ਅਤੇ ਮੋਹਾਲੀ ਤੋਂ ਕੁਲਵੰਤ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਮਾਲਵਾ ਖੇਤਰ ਦੇ ਇਨ੍ਹਾਂ ਆਗੂਆਂ ਨੂੰ ਮਿਲੀ ਟਿਕਟ
ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ, ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ ਉਮੀਦਵਾਰ ਹੋਣਗੇ। ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ, ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਾਵਨਾ ਅਤੇ ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਟਿਕਟ ਦਿੱਤੀ ਗਈ ਹੈ।
ਕੋਟਕਪੂਰਾ ਤੋਂ ਕੁਲਤਾਰ ਸਿੰਘ ਸੰਧਵਾਂ, ਜੈਤੋ ਤੋਂ ਅਮੋਲਕ ਸਿੰਘ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਅਤੇ ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬਣਾਂਵਾਲੀ ਚੋਣ ਲੜਨਗੇ। ਭਦੌੜ ਤੋਂ ਲਾਭ ਸਿੰਘ ਉਗੋਕੇ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ, ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣ ਮਾਜਰਾ ਅਤੇ ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਜਾਰੀ ਕੀਤੀ ਸੂਚੀ
ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ ਸੀ। ਇਹ ਮੀਟਿੰਗ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪਾਰਟੀ ਨੇ ਫਿਲਹਾਲ 40 ਹਲਕਿਆਂ ਲਈ ਨਾਵਾਂ ਦਾ ਐਲਾਨ ਕੀਤਾ ਹੈ। ਬਾਕੀ ਉਮੀਦਵਾਰਾਂ ਦੀ ਸੂਚੀ ਆਉਣ ਵਾਲੇ ਸਮੇਂ ਵਿੱਚ ਪੜਾਅਵਾਰ ਜਾਰੀ ਕੀਤੀ ਜਾਵੇਗੀ।






