ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਕੜੀ ਤਹਿਤ ਆਮ ਆਦਮੀ ਪਾਰਟੀ (ਆਪ) 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ‘ਖੁਸ਼ਹਾਲ ਪੰਜਾਬ ਰੈਲੀ’ ਕਰਨ ਜਾ ਰਹੀ ਹੈ। ਪਾਰਟੀ ਇਸ ਰੈਲੀ ਨੂੰ ਵੱਡੇ ਸਿਆਸੀ ਇਕੱਠ ਵਜੋਂ ਪੇਸ਼ ਕਰ ਰਹੀ ਹੈ। ਇਸ ਵਿੱਚ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਿਰਕਤ ਕਰਨਗੇ।
ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਦਾਅਵਾ ਕੀਤਾ ਕਿ ਇਸ ਲਈ 116 ਏਕੜ ਜ਼ਮੀਨ ਵਿੱਚ ਵਿਸ਼ਾਲ ਪੰਡਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਪੰਡਾਲ ਹੈ ਅਤੇ ਇਸੇ ਮੰਚ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਸਾਹਮਣੇ ਰੱਖੇਗੀ ‘ਆਪ’
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਮੁਤਾਬਕ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲਣ ਨਾਲ ਇੱਕ ਪਰਿਵਾਰ ਨੂੰ ਸਾਲਾਨਾ ਲਗਭਗ 18 ਹਜ਼ਾਰ ਰੁਪਏ ਅਤੇ ਪੰਜ ਸਾਲਾਂ ਵਿੱਚ ਕਰੀਬ 90 ਹਜ਼ਾਰ ਰੁਪਏ ਦੀ ਬੱਚਤ ਹੋਈ ਹੈ।
ਉਨ੍ਹਾਂ ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ 42 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਦੀ ਸਹੂਲਤ ਯਕੀਨੀ ਬਣਾਈ ਗਈ ਹੈ। ਇਸ ਤੋਂ ਇਲਾਵਾ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’, ਸ਼ਗਨ ਸਕੀਮ ਤਹਿਤ 51 ਹਜ਼ਾਰ ਰੁਪਏ ਅਤੇ ਤੀਰਥ ਯਾਤਰਾ ਯੋਜਨਾ ਵਰਗੀਆਂ ਸਹੂਲਤਾਂ ਨੂੰ ਵੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਿਆ।
ਕਿਸਾਨਾਂ ਅਤੇ ਸਿੰਚਾਈ ਸਹੂਲਤਾਂ ਬਾਰੇ ਵੀ ਕੀਤੇ ਦਾਅਵੇ
ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਅਤੇ ਸਿੰਚਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ 15 ਹਜ਼ਾਰ ਕਿਲੋਮੀਟਰ ਲੰਬੀਆਂ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ ਅਤੇ ਨਹਿਰਾਂ ਤੇ ਸੂਇਆਂ ਨੂੰ ਪੱਕਾ ਕੀਤਾ ਗਿਆ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਕਰੀਬ ਦੋ ਮੀਟਰ ਦਾ ਸੁਧਾਰ ਹੋਇਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਬਾਸਮਤੀ ਦੀ ਫ਼ਸਲ ਲਈ ਕਿਸਾਨਾਂ ਨੂੰ 4,000 ਤੋਂ 5,500 ਰੁਪਏ ਪ੍ਰਤੀ ਕੁਇੰਟਲ ਤੱਕ ਭਾਅ ਮਿਲਿਆ ਹੈ ਅਤੇ ਗੰਨੇ ਦੀ ਫ਼ਸਲ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਗਈ ਹੈ।
ਕੇਂਦਰ ਸਰਕਾਰ ਅਤੇ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ
ਆਪ ਆਗੂ ਨੇ ਕੇਂਦਰ ਦੀ ਭਾਜਪਾ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਵਿਤਕਰਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪਾਣੀਆਂ, ਚੰਡੀਗੜ੍ਹ, ਯੂਨੀਵਰਸਿਟੀਆਂ ਅਤੇ ਫੰਡਾਂ ਦੇ ਮਾਮਲੇ ਵਿੱਚ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਪਟਨਾ ਸਾਹਿਬ ਨੇੜੇ ਬਣਨ ਵਾਲੇ ਪੁਲ ਅਤੇ ਸੜਕ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਨਾ ਰੱਖੇ ਜਾਣ ਦੀ ਵੀ ਆਲੋਚਨਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਅਕਾਲੀ ਦਲ ’ਤੇ ਭਾਜਪਾ ਨਾਲ ਮੁੜ ਗੱਠਜੋੜ ਕਰਨ ਦੀ ਕੋਸ਼ਿਸ਼ ਕਰਨ ਅਤੇ ਕਾਂਗਰਸ ’ਤੇ ਅੰਦਰੂਨੀ ਖਿੱਚੋਤਾਣ ਤੇ ਪਰਿਵਾਰਵਾਦ ਨੂੰ ਲੈ ਕੇ ਸਿਆਸੀ ਹਮਲਾ ਕੀਤਾ।
ਵਿਧਾਇਕਾਂ ਨੇ ਲੋਕਾਂ ਨੂੰ ਰੈਲੀ ਵਿੱਚ ਪਹੁੰਚਣ ਦੀ ਕੀਤੀ ਅਪੀਲ
ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਲੋਕਾਂ ਨੂੰ 26 ਨਵੰਬਰ ਨੂੰ ਸਵੇਰੇ 11 ਵਜੇ ਪਿੰਡ ਮਟਵਾਣੀ ਵਿਖੇ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ 600 ਯੂਨਿਟ ਮੁਫ਼ਤ ਬਿਜਲੀ, 77 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਨੌਕਰੀਆਂ, ਸੜਕ ਸੁਰੱਖਿਆ ਫੋਰਸ, ਨਹਿਰੀ ਪਾਣੀ ਦੀ ਵਰਤੋਂ ਵਿੱਚ ਵਾਧਾ ਅਤੇ ਦਿਨ ਵੇਲੇ ਬਿਜਲੀ ਵਰਗੇ ਕਦਮ ਚੁੱਕੇ ਹਨ।
ਵਿਧਾਇਕ ਸਰਵਜੀਤ ਕੌਰ ਮਾਣੂਕੇ ਨੇ ਕਿਹਾ ਕਿ ਇਹ ਰੈਲੀ ਸਰਕਾਰ ਦੇ ਪੰਜ ਸਾਲਾਂ ਦੇ ਕੰਮਾਂ ਦਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਣ ਦਾ ਮੌਕਾ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਰਕਾਰ ਦੇ ਕੰਮਾਂ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪਹੁੰਚਣਗੇ।
ਹੁਣ ਸਾਰੀਆਂ ਸਿਆਸੀ ਨਜ਼ਰਾਂ 26 ਨਵੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਇਸ ਰੈਲੀ ’ਤੇ ਟਿਕੀਆਂ ਹੋਈਆਂ ਹਨ, ਜਿੱਥੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਭਾਸ਼ਣਾਂ ਰਾਹੀਂ ਪਾਰਟੀ ਆਪਣੀ ਅਗਲੀ ਚੋਣ ਰਣਨੀਤੀ ਦਾ ਸੰਕੇਤ ਦੇ ਸਕਦੀ ਹੈ।






