Home Punjab ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ

0

ਅੰਮ੍ਰਿਤਸਰ: ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ। ਉਨ੍ਹਾਂ ਦੇ ਨਾਮ ’ਤੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮੋਹਰ ਲਗਾਈ ਗਈ। ਇਸ ਦੇ ਨਾਲ ਹੀ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ।

ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਵਿੱਚ ਪ੍ਰਧਾਨਗੀ ਦੇ ਅਹੁਦੇ ਲਈ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪੇਸ਼ ਕੀਤਾ। ਇਸ ਮਤੇ ਦੀ ਤਾਈਦ ਅਰਵਿੰਦਰ ਪਾਲ ਸਿੰਘ ਪੱਖੋਕੇ ਅਤੇ ਭਾਈ ਰਜਿੰਦਰ ਸਿੰਘ ਮਹਿਤਾ ਵੱਲੋਂ ਕੀਤੀ ਗਈ। ਇਸ ਤੋਂ ਬਾਅਦ ਮੈਂਬਰਾਂ ਨੇ ਸਰਬਸੰਮਤੀ ਨਾਲ ਉਨ੍ਹਾਂ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ।

ਵਿਰੋਧੀ ਧਿਰ ਵੱਲੋਂ ਪ੍ਰਧਾਨਗੀ ਦੇ ਅਹੁਦੇ ਲਈ ਕੋਈ ਹੋਰ ਉਮੀਦਵਾਰ ਮੈਦਾਨ ਵਿੱਚ ਨਾ ਉਤਾਰੇ ਜਾਣ ਕਾਰਨ ਧਾਮੀ ਦੀ ਚੋਣ ਸਰਬਸੰਮਤੀ ਨਾਲ ਹੋਈ। ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਧੜੇ ਵੱਲੋਂ ਪੇਸ਼ ਕੀਤੇ ਉਮੀਦਵਾਰਾਂ ਦੀ ਚੋਣ ਦਾ ਸਿਲਸਿਲਾ ਜਾਰੀ ਰਿਹਾ।

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋਇਆ। ਇਹ ਇਕੱਤਰਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੋਈ। ਅਰਦਾਸ ਉਪਰੰਤ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਸ਼ੋਕ ਮਤੇ ਪੜ੍ਹੇ ਗਏ।

ਇਸ ਤੋਂ ਬਾਅਦ ਅਹੁਦੇਦਾਰਾਂ ਦੀ ਚੋਣ ਦੀ ਪ੍ਰਕਿਰਿਆ ਅੱਗੇ ਵਧਾਈ ਗਈ। ਸਕੱਤਰ ਵੱਲੋਂ ਮੈਂਬਰਾਂ ਨੂੰ ਭੇਜੇ ਗਏ ਸੱਦਾ ਪੱਤਰਾਂ ਸਬੰਧੀ ਕਾਰਵਾਈ ਸ਼ੁਰੂ ਕੀਤੀ ਗਈ ਅਤੇ ਉਮੀਦਵਾਰਾਂ ਦੇ ਨਾਮ ਪੇਸ਼ ਕੀਤੇ ਗਏ।

ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਮਜ਼ਬੂਤ ਧਿਰ ਵਜੋਂ ਸਾਹਮਣੇ ਆਇਆ। ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪਹਿਲਾਂ ਹੀ ਰਣਨੀਤੀ ਤਿਆਰ ਕੀਤੀ ਗਈ ਸੀ। ਵਿਰੋਧੀ ਧਿਰ ਵੱਲੋਂ ਪ੍ਰਧਾਨਗੀ ਲਈ ਕਿਸੇ ਹੋਰ ਉਮੀਦਵਾਰ ਦਾ ਨਾਮ ਨਾ ਦਿੱਤੇ ਜਾਣ ਕਾਰਨ ਧਾਮੀ ਮੁੜ ਪ੍ਰਧਾਨ ਚੁਣੇ ਗਏ। ਹੁਣ ਜਨਰਲ ਇਜਲਾਸ ਦੌਰਾਨ ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਵੀ ਪੂਰੀ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version