Home ਪੰਜਾਬ ਅਕਾਲੀ ਦਲ ਦਾ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਰੋਸ ਪ੍ਰਦਰਸ਼ਨ

ਅਕਾਲੀ ਦਲ ਦਾ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਰੋਸ ਪ੍ਰਦਰਸ਼ਨ

0

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਦੇ ਖ਼ਿਲਾਫ਼ ਅੱਜ ਬਠਿੰਡਾ ਦੇ ਮਿੰਨੀ ਸਕੱਤਰੇਤ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਪਾਰਟੀ ਵਰਕਰਾਂ ਨੇ ਧਰਨਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਇੱਕ ਮਤਾ ਵੀ ਪਾਸ ਕੀਤਾ ਗਿਆ ਕਿ ਪੰਜਾਬ ਸਰਕਾਰ ਨੂੰ ਇੱਕ ਇੰਚ ਵੀ ਜ਼ਮੀਨ ਨਹੀਂ ਦਿੱਤੀ ਜਾਵੇਗੀ, ਅਸੀਂ ਇਸ ਤਰ੍ਹਾਂ ਆਪਣਾ ਅੰਦੋਲਨ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਸਰਕਾਰ ਲੈਂਡ ਪੂਲਿੰਗ ਸਕੀਮ ਵਾਪਸ ਨਹੀਂ ਲੈਂਦੀ।

ਜਨਤਾ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਇਸ ਜਨਤਕ ਗੁੱਸੇ ਅੱਗੇ ਝੁਕਣਾ ਹੀ ਪਵੇਗਾ ਅਤੇ ਇਸ ਕਿਸਾਨ ਵਿਰੋਧੀ ਸਕੀਮ ਨੂੰ ਵਾਪਸ ਲੈਣਾ ਪਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਆਪਣਾ ਵਾਅਦਾ ਦੁਹਰਾਉਂਦਾ ਹਾਂ ਕਿ ਮੈਂ ਕਿਸਾਨਾਂ ਦੀ ਇੱਕ ਇੰਚ ਵੀ ਜ਼ਮੀਨ ਜ਼ਬਰਦਸਤੀ ਐਕੁਆਇਰ ਨਹੀਂ ਹੋਣ ਦਿਆਂਗਾ, ਇਸ ਲਈ ਮੈਨੂੰ ਭਾਵੇਂ ਕੋਈ ਵੀ ਕੁਰਬਾਨੀ ਦੇਣੀ ਪਵੇ, ਮੈਂ ਪਿੱਛੇ ਨਹੀਂ ਹਟਾਂਗਾ। ਸੁਖਬੀਰ ਨੇ ਕਿਹਾ ਕਿ ਇਕੱਲੇ ਲੁਧਿਆਣਾ ਵਿੱਚ ਹੀ ਸਰਕਾਰ ਲੈਂਡ ਪੂਲਿੰਗ ਅਧੀਨ 24 ਹਜ਼ਾਰ ਏਕੜ ਤੋਂ ਵੱਧ ਜ਼ਮੀਨ ਹਥਿਆਉਣ ਜਾ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਬਿਲਡਰਾਂ ਨਾਲ 30,000 ਕਰੋੜ ਰੁਪਏ ਦਾ ਗੁਪਤ ਸੌਦਾ ਕੀਤਾ ਹੈ ਤਾਂ ਜੋ ਦੇਸ਼ ਭਰ ਵਿੱਚ ‘ਆਪ’ ਪਾਰਟੀ ਦੇ ਆਉਣ ਵਾਲੇ ਚੋਣ ਪ੍ਰਚਾਰ ਲਈ ਫੰਡ ਇਕੱਠਾ ਕਰਨ ਲਈ ਪੰਜਾਬ ਦੀ 65,000 ਏਕੜ ਜ਼ਮੀਨ ਨੂੰ ਮਾਮੂਲੀ ਕੀਮਤਾਂ ‘ਤੇ ਸੌਂਪਿਆ ਜਾ ਸਕੇ। ਇਸ ਮੌਕੇ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਜਗਸੀਰ ਸਿੰਘ ਕਲਿਆਣ, ਇਕਬਾਲ ਸਿੰਘ ਬਬਲੀ ਢਿੱਲੋਂ, ਜਤਿੰਦਰ ਸੋਢੀ, ਬਲਕਾਰ ਬਰਾੜ, ਰਵੀਪ੍ਰੀਤ ਸਿੱਧੂ, ਪ੍ਰੇਮ ਅਰੋੜਾ, ਹਰਿੰਦਰ ਸਿੰਘ ਹਿੰਦਾ, ਬੀਬੀ ਜੋਗਿੰਦਰ ਕੌਰ, ਬਲਜੀਤ ਸਿੰਘ ਬੀਰਬੇਮਨ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ, ਐਸ.ਓ.ਆਈ. ਦੇ ਪ੍ਰਧਾਨ ਰਣਬੀਰ ਸਿੰਘ ਲੱਪੀ ਅਤੇ ਹੋਰ ਵਰਕਰ ਮੌਜੂਦ ਸਨ।

ਸਿਕੰਦਰ ਸਿੰਘ ਮਲੂਕਾ ਦੀ ਸਿਹਤ ਅਚਾਨਕ ਵਿਗੜ ਗਈ
ਇਸ ਵਿਰੋਧ ਪ੍ਰਦਰਸ਼ਨ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਅਚਾਨਕ ਵਿਗੜ ਗਈ। ਜਦੋਂ ਉਹ ਮੀਡੀਆ ਨੂੰ ਸੰਬੋਧਨ ਕਰਨ ਲੱਗੇ ਤਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ। ਬਾਅਦ ਵਿੱਚ, ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਦੱਸਿਆ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।

NO COMMENTS

LEAVE A REPLY

Please enter your comment!
Please enter your name here

Exit mobile version