Home National ਬਠਿੰਡਾ ‘ਚ ਮੋਦੀ ਦੀ ਰੈਲੀ ਨਾਲ ਹੋ ਸਕਦਾ ਹੈ ਗਠਜੋੜ ਦਾ ਐਲਾਨ

ਬਠਿੰਡਾ ‘ਚ ਮੋਦੀ ਦੀ ਰੈਲੀ ਨਾਲ ਹੋ ਸਕਦਾ ਹੈ ਗਠਜੋੜ ਦਾ ਐਲਾਨ

0

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗਠਜੋੜ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਅਨੁਸਾਰ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਨੂੰ ਲੈ ਕੇ ਸਹਿਮਤੀ ਲਗਭਗ ਬਣ ਚੁੱਕੀ ਹੈ ਅਤੇ ਹੁਣ ਸੀਟਾਂ ਦੀ ਵੰਡ ਸਬੰਧੀ ਗੱਲਬਾਤ ਆਖਰੀ ਪੜਾਅ ਵਿੱਚ ਦੱਸੀ ਜਾ ਰਹੀ ਹੈ।

ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਜੇਕਰ ਦੋਵਾਂ ਪਾਰਟੀਆਂ ਵਿਚਾਲੇ ਸਮਝੌਤਾ ਹੁੰਦਾ ਹੈ ਤਾਂ ਗਠਜੋੜ ਦੀ ਸਰਕਾਰ ਬਣਨ ਦੀ ਸੂਰਤ ਵਿੱਚ ਮੁੱਖ ਮੰਤਰੀ ਦਾ ਚਿਹਰਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਹੋਵੇਗਾ। ਹਾਲਾਂਕਿ ਇਸ ਸਬੰਧੀ ਦੋਵਾਂ ਪਾਰਟੀਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।

ਸੂਤਰਾਂ ਮੁਤਾਬਕ ਭਾਜਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ ਲਗਭਗ 35 ਤੋਂ 40 ਸੀਟਾਂ ‘ਤੇ ਚੋਣ ਲੜਨ ਦੀ ਮੰਗ ਕਰ ਰਹੀ ਹੈ। ਇਸ ਹਿਸਾਬ ਨਾਲ ਬਾਕੀ 77 ਤੋਂ 82 ਸੀਟਾਂ ਅਕਾਲੀ ਦਲ ਦੇ ਹਿੱਸੇ ਆ ਸਕਦੀਆਂ ਹਨ। ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਵਿਚਾਰ-ਵਟਾਂਦਰਾ ਜਾਰੀ ਹੈ।

ਜ਼ਿਕਰਯੋਗ ਹੈ ਕਿ 1997 ਤੋਂ 2020 ਤੱਕ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਕਾਇਮ ਰਿਹਾ ਸੀ। ਉਸ ਸਮੇਂ 117 ਸੀਟਾਂ ਵਿੱਚੋਂ ਅਕਾਲੀ ਦਲ 94 ਅਤੇ ਭਾਜਪਾ 23 ਸੀਟਾਂ ‘ਤੇ ਚੋਣ ਲੜਦੀ ਸੀ। ਪਰ ਇਸ ਵਾਰ ਬਦਲੇ ਹੋਏ ਸਿਆਸੀ ਹਾਲਾਤਾਂ ਕਾਰਨ ਸੀਟਾਂ ਦਾ ਪੁਰਾਣਾ ਫਾਰਮੂਲਾ ਬਦਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਸੂਤਰਾਂ ਦੀ ਮੰਨੀਏ ਤਾਂ ਦੀਵਾਲੀ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਵੱਲੋਂ ਗਠਜੋੜ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਠਿੰਡਾ ਦੌਰੇ ਦੀ ਵੀ ਚਰਚਾ ਹੈ। ਇੱਥੇ ਇੱਕ ਵੱਡੀ ਸਿਆਸੀ ਰੈਲੀ ਕਰਵਾਈ ਜਾ ਸਕਦੀ ਹੈ, ਜਿਸ ਵਿੱਚ ਦੋਵਾਂ ਪਾਰਟੀਆਂ ਦੇ ਆਗੂ ਇੱਕੋ ਮੰਚ ‘ਤੇ ਨਜ਼ਰ ਆ ਸਕਦੇ ਹਨ।

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਅਤੇ ਚੰਡੀਗੜ੍ਹ ਦੇ ਨਾਲ 2027 ਵਿੱਚ ਪੰਜਾਬ ਵਿੱਚ ਵੀ ਐੱਨ.ਡੀ.ਏ. ਦੀ ਸਰਕਾਰ ਬਣਾਉਣ ਦੀ ਗੱਲ ਕਹੀ ਗਈ ਸੀ। ਇਸ ਬਿਆਨ ਤੋਂ ਬਾਅਦ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।

ਗਠਜੋੜ ਦੀਆਂ ਚਰਚਾਵਾਂ ਵਿਚਕਾਰ ਇੱਕ ਹੋਰ ਅਹਿਮ ਸਿਆਸੀ ਸੰਭਾਵਨਾ ਸਾਹਮਣੇ ਆ ਰਹੀ ਹੈ। ਭਾਜਪਾ ਨਾਲ ਜੁੜੇ ਸੂਤਰਾਂ ਅਨੁਸਾਰ ਜੇਕਰ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੁੰਦਾ ਹੈ ਤਾਂ ਅਕਾਲੀ ਦਲ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਵੀ ਜਗ੍ਹਾ ਮਿਲ ਸਕਦੀ ਹੈ।

ਇਸ ਸੂਰਤ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਮੁੜ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਮੂਲੀਅਤ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਮੰਡਲ ਵਿੱਚ ਪੰਜਾਬ ਦੀ ਨੁਮਾਇੰਦਗੀ ਨੂੰ ਲੈ ਕੇ ਵੀ ਸਿਆਸੀ ਸਮੀਕਰਨ ਬਣ ਸਕਦੇ ਹਨ।

ਫਿਲਹਾਲ ਸਭ ਦੀਆਂ ਨਜ਼ਰਾਂ ਅਕਾਲੀ ਦਲ ਅਤੇ ਭਾਜਪਾ ਦੇ ਅਗਲੇ ਕਦਮਾਂ ‘ਤੇ ਟਿਕੀਆਂ ਹੋਈਆਂ ਹਨ। ਜੇਕਰ ਇਹ ਗਠਜੋੜ ਸਿਰੇ ਚੜ੍ਹਦਾ ਹੈ ਤਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਸਿਆਸੀ ਮੁਕਾਬਲਾ ਕਾਫ਼ੀ ਦਿਲਚਸਪ ਹੋ ਸਕਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version