ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 14 ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਕਾਰਵਾਈ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ।
ਡੀ.ਜੀ.ਪੀ. ਦੇ ਅਨੁਸਾਰ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਡਰੋਨ ਰਾਹੀਂ ਭੇਜੀਆਂ ਜਾਣ ਵਾਲੀਆਂ ਹਥਿਆਰਾਂ ਦੀਆਂ ਖੇਪਾਂ ਦੀ ਸਪਲਾਈ ਵਿੱਚ ਮਦਦ ਕਰਦੇ ਸਨ।
ਜਾਂਚ ਅਨੁਸਾਰ, ਮੁਲਜ਼ਮ ਇਨ੍ਹਾਂ ਖੇਪਾਂ ਨੂੰ ਇਕੱਠਾ ਕਰਨ ਤੋਂ ਬਾਅਦ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਤੱਕ ਹਥਿਆਰ ਪਹੁੰਚਾਉਂਦੇ ਸਨ। ਪੁਲਿਸ ਹੁਣ ਇਸ ਨੈੱਟਵਰਕ ਦੇ ਹੋਰ ਸੰਪਰਕਾਂ ਅਤੇ ਹਥਿਆਰਾਂ ਦੀ ਸਪਲਾਈ ਨਾਲ ਜੁੜੀਆਂ ਕੜੀਆਂ ਦੀ ਜਾਂਚ ਕਰ ਰਹੀ ਹੈ।
ਇਸ ਮਾਮਲੇ ਵਿੱਚ ਥਾਣਾ ਛੇਹਰਟਾ ਅਤੇ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਹਥਿਆਰਾਂ ਦੀ ਸਪਲਾਈ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।






