HomePunjabਪੰਜਾਬ ’ਚ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ’ਚ ਪੁਲਿਸ...

ਪੰਜਾਬ ’ਚ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ’ਚ ਪੁਲਿਸ ਤੇ ਨਾਮੀ ਬਦਮਾਸ਼ ਵਿਚਾਲੇ ਹੋਇਆ ਮੁਕਾਬਲਾ

ਅੰਮ੍ਰਿਤਸਰ: ਪੰਜਾਬ ਵਿੱਚ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਪੁਲਿਸ ਅਤੇ ਇੱਕ ਨਾਮੀ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਦੀ ਗੋਲੀ ਲੱਗਣ ਕਾਰਨ ਲੋੜੀਂਦਾ ਅਪਰਾਧੀ ਆਕਾਸ਼ਦੀਪ ਉਰਫ਼ ਆਕਾਸ਼ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਫੜਿਆ ਗਿਆ ਮੁਲਜ਼ਮ ਕਈ ਅਪਰਾਧਿਕ ਵਾਰਦਾਤਾਂ ਵਿੱਚ ਲੋੜੀਂਦਾ ਸੀ। ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ 7 ਮਾਮਲੇ ਦਰਜ ਹਨ ਅਤੇ ਅਦਾਲਤ ਵੱਲੋਂ ਉਸ ਨੂੰ ਭਗੌੜਾ ਵੀ ਐਲਾਨਿਆ ਜਾ ਚੁੱਕਾ ਸੀ।

ਪੁਲਿਸ ਕਮਿਸ਼ਨਰ ਮੁਤਾਬਕ ਆਕਾਸ਼ਦੀਪ ਕਾਦੀਆਂ ਦਾ ਰਹਿਣ ਵਾਲਾ ਹੈ। ਉਸ ‘ਤੇ ਬਟਾਲਾ ਵਿੱਚ ਇੱਕ ਮਨੀ ਐਕਸਚੇਂਜਰ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ ‘ਤੇ ਕਰੀਬ ਢਾਈ ਲੱਖ ਰੁਪਏ ਲੁੱਟਣ ਦਾ ਵੀ ਦੋਸ਼ ਹੈ। ਇਸ ਵਾਰਦਾਤ ਵਿੱਚ ਉਸ ਦੇ ਕੁਝ ਹੋਰ ਸਾਥੀਆਂ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ।

ਪੁਲਿਸ ਕਮਿਸ਼ਨਰ ਨੇ ਦਾਅਵਾ ਕੀਤਾ ਕਿ ਆਕਾਸ਼ਦੀਪ ਆਪਣੇ ਸਾਥੀਆਂ ਨਾਲ ਮਿਲ ਕੇ ਜੇਲ੍ਹ ਵਿੱਚ ਬੰਦ ਅਪਰਾਧੀ ਅੰਗਰੇਜ਼ ਨੂੰ ਪੁਲਿਸ ਹਿਰਾਸਤ ਵਿੱਚੋਂ ਛੁਡਾਉਣ ਦੀ ਸਾਜ਼ਿਸ਼ ਰਚ ਰਿਹਾ ਸੀ। ਅੰਗਰੇਜ਼ ਖ਼ਿਲਾਫ਼ ਭੋਲਾ ਕਤਲ ਕੇਸ ਅਤੇ ਕੋਟ ਖਾਲਸਾ ਕਤਲ ਕੇਸ ਸਮੇਤ 15 ਤੋਂ ਵੱਧ ਗੰਭੀਰ ਅਪਰਾਧਿਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਪੁਲਿਸ ਅਨੁਸਾਰ ਮੁਲਜ਼ਮਾਂ ਦੀ ਯੋਜਨਾ ਸੀ ਕਿ ਅਦਾਲਤ ਵਿੱਚ ਪੇਸ਼ੀ ਦੌਰਾਨ ਜਾਂ ਕਿਸੇ ਹੋਰ ਮੌਕੇ ‘ਤੇ ਪੁਲਿਸ ਟੀਮ ‘ਤੇ ਹਮਲਾ ਕਰਕੇ ਅੰਗਰੇਜ਼ ਨੂੰ ਛੁਡਵਾ ਲਿਆ ਜਾਵੇ। ਇਸ ਲਈ ਜਨਮਦਿਨ ਮਨਾਉਣ ਜਾਂ ਢਾਬੇ ‘ਤੇ ਰੁਕਣ ਵਰਗੇ ਬਹਾਨੇ ਦੀ ਵਰਤੋਂ ਕਰਨ ਦੀ ਵੀ ਯੋਜਨਾ ਬਣਾਈ ਜਾ ਰਹੀ ਸੀ। ਪੁਲਿਸ ਦਾ ਕਹਿਣਾ ਹੈ ਕਿ ਸਮੇਂ ਸਿਰ ਮਿਲੀਆਂ ਖੁਫ਼ੀਆ ਸੂਚਨਾਵਾਂ ਕਾਰਨ ਇਸ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਖੁਫ਼ੀਆ ਜਾਣਕਾਰੀ ਅਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਸੀ। ਇਸੇ ਦੌਰਾਨ ਜਦੋਂ ਪੁਲਿਸ ਨੇ ਆਕਾਸ਼ਦੀਪ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਕਥਿਤ ਤੌਰ ‘ਤੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਅਨੁਸਾਰ ਦੇ ਮੁਲਜ਼ਮ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਗਿਆ ਸੀ, ਪਰ ਉਸ ਨੇ ਦੋ ਰਾਊਂਡ ਫਾਇਰ ਕੀਤੇ। ਇਸ ਤੋਂ ਬਾਅਦ ਪੁਲਿਸ ਟੀਮ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਇੱਕ ਗੋਲੀ ਉਸ ਦੀ ਲੱਤ ਵਿੱਚ ਲੱਗੀ। ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ।

ਮੁਕਾਬਲੇ ਵਾਲੀ ਥਾਂ ਤੋਂ ਪੁਲਿਸ ਨੇ .30 ਬੋਰ ਦਾ ਪਿਸਤੌਲ, ਦੋ ਖਾਲੀ ਖੋਲ, ਤਿੰਨ ਜ਼ਿੰਦਾ ਕਾਰਤੂਸ ਅਤੇ ਇੱਕ ਸਕੂਟਰ ਬਰਾਮਦ ਕੀਤਾ ਹੈ। ਪੁਲਿਸ ਹੁਣ ਸਕੂਟਰ ਸਬੰਧੀ ਵੀ ਜਾਂਚ ਕਰ ਰਹੀ ਹੈ ਕਿ ਇਹ ਚੋਰੀ ਦਾ ਹੈ ਜਾਂ ਮੁਲਜ਼ਮਾਂ ਨੇ ਕਿਸੇ ਹੋਰ ਤਰੀਕੇ ਨਾਲ ਹਾਸਲ ਕੀਤਾ ਸੀ।

ਪੁਲਿਸ ਕਮਿਸ਼ਨਰ ਮੁਤਾਬਕ ਇਸ ਗਿਰੋਹ ਦੇ ਬਾਕੀ ਚਾਰ ਸਾਥੀਆਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments