Home Punjab 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

0

ਚੰਡੀਗੜ੍ਹ: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਇੱਕ ਹੋਰ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਟੀਮ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਦਿੜ੍ਹਬਾ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਇਹ ਕਾਰਵਾਈ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਨਾ ਕਰਨ ਬਦਲੇ ASI ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਦੇਣ ਦੇ ਹੱਕ ਵਿੱਚ ਨਹੀਂ ਸੀ। ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਪਟਿਆਲਾ ਰੇਂਜ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ।

ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ASI ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਲੈਂਦਿਆਂ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ASI ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version