ਕੈਨੇਡਾ: ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਵਿੱਚ ਕੈਨੇਡਾ ਦਾ ਰੁਝਾਨ ਹੁਣ ਪਹਿਲਾਂ ਵਰਗਾ ਨਹੀਂ ਰਿਹਾ। ਕੈਨੇਡਾ ਸਰਕਾਰ ਵੱਲੋਂ ਇਮੀਗ੍ਰੇਸ਼ਨ ਨਿਯਮ ਸਖ਼ਤ ਕੀਤੇ ਜਾਣ ਅਤੇ ਪੜ੍ਹਾਈ ਤੋਂ ਬਾਅਦ ਰੁਜ਼ਗਾਰ ਦੇ ਮੌਕਿਆਂ ਨੂੰ ਲੈ ਕੇ ਬਣੀ ਅਨਿਸ਼ਚਿਤਤਾ ਦਾ ਅਸਰ ਵਿਦਿਆਰਥੀਆਂ ਦੀ ਗਿਣਤੀ ‘ਤੇ ਦਿਖਾਈ ਦੇ ਰਿਹਾ ਹੈ।
ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਦੇ ਜਾਰੀ ਅੰਕੜਿਆਂ ਮੁਤਾਬਕ, ਸਤੰਬਰ 2026 ਦੇ ਅੰਤ ਤੱਕ ਕੈਨੇਡਾ ਵਿੱਚ ਕੁੱਲ 2,63,340 ਸਟੱਡੀ ਪਰਮਿਟ ਧਾਰਕਾਂ ਵਿੱਚੋਂ 51,900 ਭਾਰਤੀ ਵਿਦਿਆਰਥੀ ਸਨ। ਜੇਕਰ ਸਾਲ ਦੀ ਆਖਰੀ ਤਿਮਾਹੀ ਵਿੱਚ ਵੀ ਇਹੀ ਰੁਝਾਨ ਜਾਰੀ ਰਿਹਾ ਤਾਂ 2026 ਦਾ ਅੰਕੜਾ 2017 ਤੋਂ ਬਾਅਦ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਸਕਦਾ ਹੈ।
ਦਸ ਸਾਲ ਪਹਿਲਾਂ ਦੇ ਅੰਕੜਿਆਂ ਦੇ ਨੇੜੇ ਪਹੁੰਚੀ ਗਿਣਤੀ
ਅੰਕੜਿਆਂ ਦੀ ਤੁਲਨਾ ਕਰੀਏ ਤਾਂ ਸਾਲ 2016 ਵਿੱਚ ਕੈਨੇਡਾ ਵਿੱਚ ਕੁੱਲ 2,64,270 ਸਟੱਡੀ ਪਰਮਿਟ ਧਾਰਕ ਸਨ, ਜਿਨ੍ਹਾਂ ਵਿੱਚ 52,620 ਭਾਰਤੀ ਵਿਦਿਆਰਥੀ ਸ਼ਾਮਲ ਸਨ। ਇਸ ਦੇ ਮੁਕਾਬਲੇ ਸਤੰਬਰ 2026 ਤੱਕ ਭਾਰਤੀ ਵਿਦਿਆਰਥੀਆਂ ਦੀ ਗਿਣਤੀ 51,900 ਰਹਿ ਗਈ ਹੈ।
ਇਹ ਅੰਕੜੇ ਦਰਸਾਉਂਦੇ ਹਨ ਕਿ ਪਿਛਲੇ ਕੁਝ ਸਾਲਾਂ ਦੌਰਾਨ ਕੈਨੇਡਾ ਵਿੱਚ ਪੜ੍ਹਾਈ ਲਈ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੇ ਰੁਝਾਨ ਵਿੱਚ ਵੱਡੀ ਤਬਦੀਲੀ ਆਈ ਹੈ।
2023 ਵਿੱਚ ਬਣਿਆ ਸੀ ਰਿਕਾਰਡ, ਹੁਣ ਆਈ ਤੇਜ਼ ਗਿਰਾਵਟ
ਇੱਕ ਸਮਾਂ ਸੀ ਜਦੋਂ ਕੈਨੇਡਾ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਸੀ। ਸਾਲ 2023 ਦੌਰਾਨ ਭਾਰਤੀ ਨਾਗਰਿਕਾਂ ਨੂੰ ਰਿਕਾਰਡ 2,77,135 ਸਟੱਡੀ ਪਰਮਿਟ ਜਾਰੀ ਕੀਤੇ ਗਏ ਸਨ। ਪਰ ਇਸ ਤੋਂ ਬਾਅਦ ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਕਈ ਸਖ਼ਤ ਕਦਮ ਚੁੱਕੇ।
ਇਨ੍ਹਾਂ ਨੀਤੀਆਂ ਤੋਂ ਬਾਅਦ ਸਟੱਡੀ ਪਰਮਿਟ ਜਾਰੀ ਹੋਣ ਦੀ ਗਿਣਤੀ ਵਿੱਚ ਕਮੀ ਆਉਣ ਲੱਗੀ। ਸਾਲ 2017 ਵਿੱਚ ਭਾਰਤੀ ਵਿਦਿਆਰਥੀਆਂ ਨੂੰ 82,935 ਸਟੱਡੀ ਪਰਮਿਟ ਜਾਰੀ ਹੋਏ ਸਨ, ਜਦਕਿ 2026 ਦੇ ਪਹਿਲੇ ਨੌਂ ਮਹੀਨਿਆਂ ਵਿੱਚ ਇਹ ਗਿਣਤੀ 51,900 ਰਹੀ।
ਸਖ਼ਤ ਨਿਯਮਾਂ ਅਤੇ ਰੁਜ਼ਗਾਰ ਦੀ ਅਨਿਸ਼ਚਿਤਤਾ ਦਾ ਅਸਰ
ਮਾਹੌਲ ਵਿੱਚ ਆਏ ਇਸ ਬਦਲਾਅ ਪਿੱਛੇ ਕੈਨੇਡਾ ਦੀਆਂ ਸਖ਼ਤ ਹੋ ਰਹੀਆਂ ਇਮੀਗ੍ਰੇਸ਼ਨ ਨੀਤੀਆਂ ਅਤੇ ਪੜ੍ਹਾਈ ਤੋਂ ਬਾਅਦ ਨੌਕਰੀ ਮਿਲਣ ਦੀ ਅਨਿਸ਼ਚਿਤਤਾ ਨੂੰ ਅਹਿਮ ਕਾਰਨ ਮੰਨਿਆ ਜਾ ਰਿਹਾ ਹੈ। ਇਸ ਕਾਰਨ ਕਈ ਵਿਦਿਆਰਥੀ ਕੈਨੇਡਾ ਜਾਣ ਤੋਂ ਪਹਿਲਾਂ ਮੁੜ ਵਿਚਾਰ ਕਰ ਰਹੇ ਹਨ ਅਤੇ ਹੋਰ ਦੇਸ਼ਾਂ ਵਿੱਚ ਪੜ੍ਹਾਈ ਦੇ ਮੌਕੇ ਵੀ ਦੇਖ ਰਹੇ ਹਨ।
ਦੂਜੇ ਪਾਸੇ, ਅੰਕੜਿਆਂ ਮੁਤਾਬਕ ਭਾਰਤ ਅਤੇ ਪਾਕਿਸਤਾਨ ਦੇ ਨਾਗਰਿਕਾਂ ਨੂੰ ਮਿਲਣ ਵਾਲੇ ਵਿਜ਼ਟਰ ਵੀਜ਼ਿਆਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਤਰ੍ਹਾਂ ਕੈਨੇਡਾ ਜਾਣ ਦੇ ਮਕਸਦ ਅਤੇ ਵੀਜ਼ਾ ਸ਼੍ਰੇਣੀਆਂ ਵਿੱਚ ਵੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ।






