ਚੰਡੀਗੜ੍ਹ : ਬ੍ਰਿਟਿਸ਼ ਹਾਈ ਕਮਿਸ਼ਨ, ਚੰਡੀਗੜ੍ਹ ਦੇ ਸਿਆਸੀ ਸਲਾਹਕਾਰ ਡੈਨੀਅਲ ਸ਼ੈਰੀ ਨੇ “ਵੀਜ਼ਾ ਫਰਾਡ ਤੋਂ ਬਚੋ” ਮੁਹਿੰਮ ਸਬੰਧੀ ਉਦਯੋਗ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਹ ਮੀਟਿੰਗ ਪੰਜਾਬ ਦੇ ਨੌਜਵਾਨਾਂ ਦੇ ਹਿੱਤਾਂ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ ਸੀ, ਜਿਸ ਵਿੱਚ ਵਿਦੇਸ਼ੀ ਯਾਤਰਾ ਧੋਖਾਧੜੀ, ਗੈਰ-ਕਾਨੂੰਨੀ ਏਜੰਟਾਂ ਅਤੇ ਜਾਅਲੀ ਦਸਤਾਵੇਜ਼ਾਂ ਦੇ ਨਾਮ ‘ਤੇ ਉੱਭਰ ਰਹੀਆਂ ਚੁਣੌਤੀਆਂ ‘ਤੇ ਚਰਚਾ ਕੀਤੀ ਗਈ।
ਇਸ ਚਰਚਾ ਦੌਰਾਨ, ਉਨ੍ਹਾਂ ਨੇ ਲੋਕਾਂ ਨੂੰ ਸਹੀ ਜਾਣਕਾਰੀ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਅਜਿਹੀਆਂ ਧੋਖਾਧੜੀਆਂ ਨੂੰ ਰੋਕਣ ਲਈ ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟ ਕੀਤੀ ।










