ਮਾਨਸਾ: ਮਰਹੂਮ ਪਰਵਿੰਦਰ ਸਿੰਘ ਝੋਟਾ ਅਤੇ ਤੂਰ ਵਣਜਾਰਾ ਦੇ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਦੋਵਾਂ ਪਰਿਵਾਰਾਂ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।
ਇਸ ਫੈਸਲੇ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹਾਲੀਆ ਪੰਜਾਬ ਦੌਰੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਅਮਿਤ ਸ਼ਾਹ ਨੇ ਦੋਵਾਂ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਸੀ।
ਪਰਿਵਾਰਾਂ ਨਾਲ ਮੁਲਾਕਾਤ ਤੋਂ ਬਾਅਦ ਇਸ ਮਾਮਲੇ ਵਿੱਚ ਕੇਂਦਰੀ ਪੱਧਰ ’ਤੇ ਕਾਰਵਾਈ ਤੇਜ਼ ਹੋਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਬਾਅਦ ਸੀਬੀਆਈ ਵੱਲੋਂ ਵੀ ਜਾਂਚ ਸ਼ੁਰੂ ਕੀਤੀ ਗਈ ਅਤੇ ਹੁਣ ਦੋਵਾਂ ਪਰਿਵਾਰਾਂ ਨੂੰ CRPF ਦੀ ਸੁਰੱਖਿਆ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇ ਇਸ ਕਦਮ ਨਾਲ ਪਰਿਵਾਰਾਂ ਦੀ ਸੁਰੱਖਿਆ ਦੇ ਪ੍ਰਬੰਧ ਕੇਂਦਰੀ ਬਲ ਦੇ ਹਵਾਲੇ ਹੋ ਗਏ ਹਨ।





