ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਹੀਨੇ ਤੀਜੀ ਵਾਰ ਕੈਬਨਿਟ ਮੀਟਿੰਗ ਸੱਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ।
ਇਹ ਮੀਟਿੰਗ ਸ਼ਾਮ 4 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ ਪਰ ਸਰਕਾਰ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਦਾ ਐਲਾਨ ਕੁਝ ਹੀ ਦਿਨਾਂ ਵਿੱਚ ਹੋਣ ਜਾ ਰਿਹਾ ਹੈ। ਇਸ ਲਈ ਸਰਕਾਰ ਕਈ ਵੱਡੇ ਫੈਸਲੇ ਲੈ ਸਕਦੀ ਹੈ। ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਰੰਗਲਾ ਪੰਜਾਬ ਸਕੀਮ ਲਈ ਤਿਆਰ ਕੀਤੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ ਅਤੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 585 ਕਰੋੜ ਰੁਪਏ ਦੇ ਬਜਟ ਨੂੰ ਵੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 2 ਕੈਬਨਿਟ ਮੀਟਿੰਗਾਂ ਹੋ ਚੁੱਕੀਆਂ ਹਨ। 11 ਅਪ੍ਰੈਲ ਨੂੰ ਹੋਈ ਕੈਬਨਿਟ ਮੀਟਿੰਗ ‘ਚ ਸਰਕਾਰ ਨੇ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਵੱਡਾ ਫੈਸਲਾ ਲੈਂਦਿਆਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ‘ਤੇ ਮੁਫਤ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਹੈ।
