Home World News ਕੈਨੇਡਾ ਦੇ ਗੁਰਦੁਆਰਾ ਸਾਹਿਬ ’ਚ ਦੋ ਧਿਰਾਂ ਵਿਚਾਲੇ ਝੜਪ

ਕੈਨੇਡਾ ਦੇ ਗੁਰਦੁਆਰਾ ਸਾਹਿਬ ’ਚ ਦੋ ਧਿਰਾਂ ਵਿਚਾਲੇ ਝੜਪ

0

ਕੈਨੇਡਾ: ਕੈਨੇਡਾ ਦੇ ਓਂਟਾਰੀਓ ਸੂਬੇ ਦੇ ਹੈਮਿਲਟਨ ਸ਼ਹਿਰ ਤੋਂ ਗੁਰਦੁਆਰਾ ਸਾਹਿਬ ਵਿੱਚ ਹੋਏ ਵਿਵਾਦ ਦੀ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਵਿਖੇ ਪ੍ਰਬੰਧਕੀ ਮਤਭੇਦਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਤਕਰਾਰ ਹੋ ਗਈ, ਜਿਸ ਨੇ ਬਾਅਦ ਵਿੱਚ ਝੜਪ ਦਾ ਰੂਪ ਧਾਰ ਲਿਆ। ਇਸ ਦੌਰਾਨ ਹੋਈ ਧੱਕਾ-ਮੁੱਕੀ ਅਤੇ ਹੱਥੋਪਾਈ ਵਿੱਚ ਕਈ ਵਿਅਕਤੀਆਂ ਦੀਆਂ ਦਸਤਾਰਾਂ ਉਤਰ ਗਈਆਂ।

ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਵੀਡੀਓਜ਼ ਵਿੱਚ ਕੁਝ ਵਿਅਕਤੀ ਇੱਕ-ਦੂਜੇ ਨਾਲ ਬਹਿਸ ਕਰਦੇ ਅਤੇ ਧੱਕਾ-ਮੁੱਕੀ ਕਰਦੇ ਨਜ਼ਰ ਆ ਰਹੇ ਹਨ।

ਪ੍ਰਬੰਧਕੀ ਮਤਭੇਦਾਂ ਕਾਰਨ ਦੋ ਧਿਰਾਂ ਆਹਮੋ-ਸਾਹਮਣੇ

ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਫੈਸਲਿਆਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੰਬੇ ਸਮੇਂ ਤੋਂ ਮਤਭੇਦ ਚੱਲ ਰਹੇ ਸਨ। ਸਥਾਨਕ ਲੋਕਾਂ ਮੁਤਾਬਕ ਪ੍ਰਬੰਧਕੀ ਮਾਮਲਿਆਂ ਵਿੱਚ ਆਪਣਾ ਪ੍ਰਭਾਵ ਬਣਾਈ ਰੱਖਣ ਦੀ ਹੋੜ ਕਾਰਨ ਇਹ ਵਿਵਾਦ ਵਧਿਆ ਅਤੇ ਆਖ਼ਰਕਾਰ ਹੱਥੋਪਾਈ ਤੱਕ ਪਹੁੰਚ ਗਿਆ। ਹਾਲਾਂਕਿ ਇਸ ਮਾਮਲੇ ਦੇ ਪਿੱਛੇ ਦੇ ਪੂਰੇ ਕਾਰਨਾਂ ਅਤੇ ਝੜਪ ਦੀ ਸ਼ੁਰੂਆਤ ਬਾਰੇ ਅਜੇ ਸਪੱਸ਼ਟ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਕੈਨੇਡੀਅਨ ਪੁਲਿਸ ਦੀ ਕਾਰਵਾਈ ਬਾਰੇ ਜਾਣਕਾਰੀ ਨਹੀਂ

ਇਸ ਘਟਨਾ ਤੋਂ ਬਾਅਦ ਫਿਲਹਾਲ ਕੈਨੇਡੀਅਨ ਪੁਲਿਸ ਵੱਲੋਂ ਕੇਸ ਦਰਜ ਕਰਨ ਜਾਂ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਜ਼ਿਕਰਯੋਗ ਹੈ ਕਿ ਇਸ ਘਟਨਾ ਤੋਂ ਦੋ ਦਿਨ ਪਹਿਲਾਂ ਕੈਨੇਡਾ ਦੇ ਕਿਚਨਰ ਸ਼ਹਿਰ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਵਿਖੇ ਵੀ ਪ੍ਰਬੰਧਕੀ ਕਮੇਟੀਆਂ ਵਿਚਾਲੇ ਵਿਵਾਦ ਦਾ ਮਾਮਲਾ ਸਾਹਮਣੇ ਆਇਆ ਸੀ। ਲਗਾਤਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਸਿੱਖ ਸੰਗਤਾਂ ਵਿੱਚ ਚਿੰਤਾ ਅਤੇ ਨਾਰਾਜ਼ਗੀ ਪਾਈ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version