ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੇਗੀ। ਕਾਂਗਰਸ ਪਾਰਟੀ ਵੱਲੋਂ ਸੰਗਰੂਰ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਦੋਵਾਂ ਵੱਡੇ ਆਗੂਆਂ ਦੇ ਪੰਜਾਬ ਦੌਰੇ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਪਾਰਟੀ ਵੱਲੋਂ ਇਸ ਰੈਲੀ ਵਿੱਚ ਕਰੀਬ ਇੱਕ ਲੱਖ ਲੋਕਾਂ ਦੀ ਸ਼ਮੂਲੀਅਤ ਦਾ ਟੀਚਾ ਰੱਖਿਆ ਗਿਆ ਹੈ। ਸੂਬਾ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਹੋਣ ਵਾਲੇ ਇਸ ਸਮਾਗਮ ਵਿੱਚ ਪੰਜਾਬ ਭਰ ਤੋਂ ਕਾਂਗਰਸ ਦੇ ਵਿਧਾਇਕਾਂ, ਸਾਬਕਾ ਮੰਤਰੀਆਂ, ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਦੇ ਪਹੁੰਚਣ ਦੀ ਉਮੀਦ ਹੈ। ਰੈਲੀ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਸੰਗਰੂਰ ਵਿੱਚ ਹੋਣ ਜਾ ਰਹੀ ਇਸ ਰੈਲੀ ਨੂੰ ਸਿਰਫ਼ ਇੱਕ ਸਿਆਸੀ ਇਕੱਠ ਵਜੋਂ ਨਹੀਂ, ਸਗੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਤਿਆਰੀ ਦੇ ਅਹਿਮ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਇਸ ਰੈਲੀ ਰਾਹੀਂ ਆਪਣੀ ਜਥੇਬੰਦਕ ਤਾਕਤ ਅਤੇ ਆਗੂਆਂ ਵਿਚਾਲੇ ਏਕਤਾ ਦਾ ਪ੍ਰਦਰਸ਼ਨ ਕਰਨਾ ਚਾਹੁੰਦੀ ਹੈ।
ਕਾਂਗਰਸ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਵਰਕਰਾਂ ਨੂੰ ਇਕੱਠਾ ਕਰਕੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਸਰਗਰਮੀ ਨੂੰ ਹੋਰ ਤੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਕੌਮੀ ਲੀਡਰਸ਼ਿਪ ਦੀ ਮੌਜੂਦਗੀ ਰਾਹੀਂ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਦੀ ਵੀ ਯੋਜਨਾ ਹੈ।
ਇਸ ਰੈਲੀ ਦੌਰਾਨ ਕਾਂਗਰਸ ਵੱਲੋਂ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਚੁੱਕੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਨਸ਼ਿਆਂ ਦਾ ਵਧਦਾ ਮੁੱਦਾ, ਕਾਨੂੰਨ ਵਿਵਸਥਾ ਅਤੇ ਪੰਜਾਬ ਦੇ ਹੱਕਾਂ ਨਾਲ ਸਬੰਧਤ ਮਾਮਲੇ ਸ਼ਾਮਲ ਹਨ।
ਹੁਣ ਸਭ ਦੀਆਂ ਨਜ਼ਰਾਂ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਦੇ ਸੰਬੋਧਨ ‘ਤੇ ਟਿਕੀਆਂ ਹੋਈਆਂ ਹਨ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕਾਂਗਰਸ ਦੀ ਇਸ ਰੈਲੀ ਤੋਂ ਪੰਜਾਬ ਦੀ ਸਿਆਸਤ ਨੂੰ ਕੀ ਨਵਾਂ ਸੰਦੇਸ਼ ਮਿਲਦਾ ਹੈ ਅਤੇ 2027 ਦੀਆਂ ਚੋਣਾਂ ਨੂੰ ਲੈ ਕੇ ਪਾਰਟੀ ਕੀ ਰਣਨੀਤੀ ਸਾਹਮਣੇ ਰੱਖਦੀ ਹੈ।
