ਮਨੀ ਲਾਂਡਰਿੰਗ ਮਾਮਲੇ ‘ਚ CM ਕੇਜਰੀਵਾਲ ਨੂੰ ਹਾਈਕੋਰਟ ਤੋਂ ਲੱਗਾ ਝਟਕਾ

0
114

ਨਵੀਂ ਦਿੱਲੀ : ਦਿੱਲੀ ਦੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੂੰ ਝਟਕਾ ਲੱਗਾ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਦਿੱਲੀ ਹਾਈਕੋਰਟ ਨੇ ਕਿਹਾ ਕਿ ਸੁਣਵਾਈ ਤੱਕ ਹੇਠਲੀ ਅਦਾਲਤ ਦੇ ਹੁਕਮ ‘ਤੇ ਰੋਕ ਰਹੇਗੀ। ਯਾਨੀ ਕੇਜਰੀਵਾਲ ਉਦੋਂ ਤੱਕ ਤਿਹਾੜ ਜੇਲ੍ਹ ਤੋਂ ਰਿਹਾਅ ਨਹੀਂ ਹੋਣਗੇ, ਜਦੋਂ ਤੱਕ ਹਾਈਕੋਰਟ ਮਾਮਲੇ ਦੀ ਸੁਣਵਾਈ ਨਹੀਂ ਕਰਦਾ।

ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਵਿਰੁੱਧ ਈ.ਡੀ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਇਜਾਜ਼ਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ, ‘ਹੇਠਲੀ ਅਦਾਲਤ ਦਾ ਹੁਕਮ ਉਦੋਂ ਤੱਕ ਪ੍ਰਭਾਵੀ ਨਹੀਂ ਹੋਵੇਗਾ ਜਦੋਂ ਤੱਕ ਅਸੀਂ ਕੇਸ ਦੀ ਸੁਣਵਾਈ ਨਹੀਂ ਕਰਦੇ।’

ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਈ.ਡੀ ਨੇ ਦਲੀਲ ਦਿੱਤੀ ਕਿ ਸਾਨੂੰ ਹੇਠਲੀ ਅਦਾਲਤ ਵਿੱਚ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਨਹੀਂ ਮਿਲਿਆ। ਇਸ ਦੇ ਜਵਾਬ ਵਿੱਚ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਅਜਿਹਾ ਕਹਿਣਾ ਠੀਕ ਨਹੀਂ ਹੈ।

ਬੀਤੇ ਦਿਨ ਹੇਠਲੀ ਅਦਾਲਤ ਨੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ। ਅਜਿਹੇ ‘ਚ ਕੇਜਰੀਵਾਲ ਅੱਜ ਤਿਹਾੜ ਜੇਲ੍ਹ ‘ਚੋਂ ਬਾਹਰ ਆ ਸਕਦੇ ਸਨ ਪਰ ਹਾਈ ਕੋਰਟ ਨੇ ਇਸ ‘ਤੇ ਰੋਕ ਲਗਾ ਦਿੱਤੀ ਹੈ।

ਈ.ਡੀ ਨੇ ਬੀਤੇ ਦਿਨ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਕੇਜਰੀਵਾਲ ਅਪਰਾਧ ਦੀ ਕਥਿਤ ਕਮਾਈ ਅਤੇ ਸਹਿ-ਦੋਸ਼ੀ ਨਾਲ ਜੁੜੇ ਹੋਏ ਹਨ। ਕੇਜਰੀਵਾਲ ਦੇ ਵਕੀਲ ਨੇ ਕਿਹਾ ਸੀ ਕਿ ਕੇਂਦਰੀ ਜਾਂਚ ਏਜੰਸੀ ਕੋਲ ਇਸ ਸਬੰਧੀ ਕੋਈ ਸਬੂਤ ਨਹੀਂ ਹੈ। ਅਜਿਹੇ ‘ਚ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here