ਪੰਚਕੂਲਾ : ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਈ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਮਿਲੀ। ਇਸ ਈ-ਮੇਲ ਦੇ ਸਾਹਮਣੇ ਆਉਂਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਦਹਿਸ਼ਤ ਵਿੱਚ ਆ ਗਈਆਂ। ਸਕੂਲਾਂ ਅਤੇ ਆਸਪਾਸ ਦੇ ਅਤਿ ਸੰਵੇਦਨਸ਼ੀਲ ਖੇਤਰਾਂ ਵਿੱਚ ਤੁਰੰਤ ਸੁਰੱਖਿਆ ਵਧਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਭੇਜੀ ਗਈ ਧਮਕੀ ਭਰੀ ਈ-ਮੇਲ ‘ਚ ਨਾ ਸਿਰਫ ਸਕੂਲਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਸਗੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਦੇ ਮੁੱਖ ਦਫਤਰਾਂ ਦਾ ਵੀ ਸਪੱਸ਼ਟ ਜ਼ਿਕਰ ਕੀਤਾ ਗਿਆ ਹੈ।

ਈ-ਮੇਲ ਵਿੱਚ ਖਾਲਿਸਤਾਨ ਨਾਲ ਸਬੰਧਤ ਇਤਰਾਜ਼ਯੋਗ ਅਤੇ ਬੇਹੱਦ ਧਮਕੀ ਭਰੀ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਇਸ ਵਿੱਚ ਹਰਿਆਣਾ ਅਤੇ ਪੰਜਾਬ ਦੇ ਪ੍ਰਮੁੱਖ ਸਿਆਸੀ ਆਗੂਆਂ ਦੇ ਨਾਲ-ਨਾਲ ਭਾਜਪਾ ਦੇ ਦਫ਼ਤਰਾਂ ਨੂੰ ਨਿਸ਼ਾਨਾ ਬਣਾਉਣ ਦੀ ਚਿਤਾਵਨੀ ਦਿੱਤੀ ਗਈ ਹੈ। ਖਤਰੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਡਾਗ ਸਕੁਐਡ ਦੀਆਂ ਟੀਮਾਂ ਨੇ ਚਾਰਜ ਸੰਭਾਲ ਲਿਆ ਹੈ। ਸਾਈਬਰ ਸੈੱਲ ਦੀ ਮਦਦ ਨਾਲ ਈ-ਮੇਲ ਅਤੇ ਉਸ ਨੂੰ ਭੇਜਣ ਵਾਲੇ ਦੇ IP ਐਡਰੈੱਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਅਤੇ ਆਸ-ਪਾਸ ਦੇ ਸ਼ਹਿਰਾਂ ਦੇ ਸਕੂਲਾਂ ਨੂੰ ਇਸ ਤਰ੍ਹਾਂ ਦੀਆਂ ਜਾਅਲੀ ਧਮਕੀ ਭਰੀਆਂ ਮੇਲ ਮਿਲੀਆਂ ਸਨ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਸੀ।










